ਪੰਜਾਬ ਦੇ ਮਸ਼ਹੂਰ ਗੈਂਗਸਟਰਾਂ ਦੇ ਕੇਸਾਂ ਦੀ ਪੈਰਵੀ ਕਰ ਰਹੀ ਇੱਕ ਮਹਿਲਾ ਵਕੀਲ ਦੇ ਚੰਡੀਗੜ੍ਹ ਸਥਿਤ ਘਰ ਅਤੇ ਦਫ਼ਤਰ ਵਿੱਚ NIA ਵੱਲੋਂ ਛਾਪੇਮਾਰੀ ਕਰਨ ਦੇ ਵਿਰੋਧ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅੱਜ ਕੰਮਕਾਜ ਠੱਪ ਹੈ।
ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਨੇ ਸੋਮਵਾਰ ਨੂੰ ਦੁਪਹਿਰ ਦੇ ਖਾਣੇ ਦੇ ਸਮੇਂ ਅਦਾਲਤੀ ਕਾਰਵਾਈ ਅਗਲੇ ਹੁਕਮਾਂ ਤੱਕ ਮੁਅੱਤਲ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦਾ ਕੰਮ ਵੀ ਬੰਦ ਹੈ। ਇਸ ਦੇ ਨਾਲ ਹੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਵਕੀਲ ਵੀ ਐਨਆਈਏ ਦੇ ਚੰਡੀਗੜ੍ਹ ਦਫ਼ਤਰ ਦੇ ਬਾਹਰ ਇਸ ਛਾਪੇਮਾਰੀ ਖ਼ਿਲਾਫ਼ ਪ੍ਰਦਰਸ਼ਨ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਅਦਾਲਤਾਂ ਵਿੱਚ ਵਕੀਲਾਂ ਨੇ ਇਸ ਛਾਪੇਮਾਰੀ ਖ਼ਿਲਾਫ਼ ਕੰਮਕਾਜ ਠੱਪ ਕਰ ਦਿੱਤਾ ਸੀ। ਹਾਈਕੋਰਟ ਬਾਰ ਨੇ ਕਿਹਾ ਹੈ ਕਿ ਇਸ ਤਰ੍ਹਾਂ ਕਿਸੇ ਏਜੰਸੀ ਵੱਲੋਂ ਵਕੀਲ ਦੇ ਕੰਮ ਵਿੱਚ ਦਖ਼ਲ ਦੇਣਾ ਗ਼ਲਤ ਹੈ। ਇਹ ਐਡਵੋਕੇਟਸ ਐਕਟ, 1961 ਅਤੇ ਐਵੀਡੈਂਸ ਐਕਟ ਦੇ ਵੀ ਵਿਰੁੱਧ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਹ ਛਾਪੇਮਾਰੀ 18 ਅਕਤੂਬਰ ਨੂੰ ਸਵੇਰੇ 6 ਵਜੇ ਐਡਵੋਕੇਟ ਡਾ: ਸ਼ੈਲੀ ਸ਼ਰਮਾ ਦੇ ਘਰ ਕੀਤੀ ਗਈ ਸੀ। ਐਨਆਈਏ ਨੇ ਉਸ ਦੇ ਦੋ ਮੋਬਾਈਲ ਫੋਨ, ਲੈਪਟਾਪ ਅਤੇ ਕੰਪਿਊਟਰ ਦੀ ਤਲਾਸ਼ੀ ਲਈ ਅਤੇ ਕੁਝ ਦਸਤਾਵੇਜ਼ ਵੀ ਖੋਹ ਲਏ। ਸ਼ੈਲੀ ਸ਼ਰਮਾ ਤੋਂ ਕਰੀਬ ਸਾਢੇ 3 ਘੰਟੇ ਪੁੱਛਗਿੱਛ ਕੀਤੀ ਗਈ। ਜਾਣਕਾਰੀ ਅਨੁਸਾਰ ਸ਼ੈਲੀ ਸ਼ਰਮਾ 2 ਦਰਜਨ ਤੋਂ ਵੱਧ ਗੈਂਗਸਟਰਾਂ ਦੇ ਕੇਸਾਂ ਵਿੱਚ ਅਦਾਲਤ ਵਿੱਚ ਪੈਰਵੀ ਕਰ ਰਹੀ ਹੈ। ਇਨ੍ਹਾਂ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਸ਼ਾਮਲ ਹੈ। ਸਾਲ 2019 ਵਿੱਚ ਗੈਂਗਸਟਰ ਸੁੱਖਾ ਕਾਹਲਵਾਂ ਕਤਲ ਕੇਸ ਵਿੱਚ ਮੁਲਜ਼ਮਾਂ ਦੇ ਬਰੀ ਹੋਣ ਤੋਂ ਬਾਅਦ ਉਸ ਦੇ ਗਾਹਕਾਂ ਵਿੱਚ ਵਾਧਾ ਹੋਇਆ ਸੀ। ਦੱਸ ਦਈਏ ਕਿ NIA ਨੇ ਗੁਰੂਗ੍ਰਾਮ, ਬਠਿੰਡਾ ਅਤੇ ਚੰਡੀਗੜ੍ਹ ‘ਚ ਤਿੰਨ ਥਾਵਾਂ ‘ਤੇ ਵਕੀਲਾਂ ਦੇ ਘਰਾਂ ਅਤੇ ਦਫਤਰਾਂ ‘ਤੇ ਛਾਪੇਮਾਰੀ ਦੇ ਦਸਤਾਵੇਜ਼ ਅਤੇ ਮੋਬਾਈਲ ਅਤੇ ਲੈਪਟਾਪ ਆਦਿ ਜ਼ਬਤ ਕੀਤੇ ਸਨ।