ਚੰਡੀਗੜ੍ਹ: ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਬੈਠੇ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਆਪਣਾ ਧਰਨਾ ਸਮਾਪਤ ਕਰਨ ਦਾ ਫੈਸਲਾ ਕੀਤਾ ਹੈ।
ਖੇਤੀਬਾੜੀ ਮੰਤਰੀ ਨੇ ਇਸ ਤੋਂ ਪਹਿਲਾਂ ਅੱਜ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਗੁਰਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਦਰਸ਼ਨ ਕਰ ਰਹੇ ਖੇਤੀਬਾੜੀ ਵਿਕਾਸ ਅਧਿਕਾਰੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਲਈਆਂ ਜਾਣਗੀਆਂ। ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਖੁਦ ਧਰਨੇ ਵਾਲੀ ਥਾਂ ‘ਤੇ ਪੁੱਜੇ ਅਤੇ ਭਰੋਸਾ ਦਿੱਤਾ ਕਿ ਖੇਤੀਬਾੜੀ ਅਧਿਕਾਰੀਆਂ ਦੀਆਂ ਮੰਗਾਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਸਰਕਾਰ ਦਾ ਸਾਥ ਦੇਣ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਮਾਨਦਾਰ ਅਧਿਕਾਰੀਆਂ ਅਤੇ ਮਿਹਨਤੀ ਕਰਮਚਾਰੀਆਂ ਦਾ ਹਮੇਸ਼ਾ ਸਾਥ ਦੇਣਗੇ। ਪਰ ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ।
ਧਰਨੇ ਨੂੰ ਖਤਮ ਕਰਨ ਅਤੇ ਧਰਨਾ ਚੁੱਕਣ ਦਾ ਐਲਾਨ ਕਰਦਿਆਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੇ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਅਤੇ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: