ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ ਵਿਜੀਲੈਂਸ ਵੱਲੋਂ ਜਾਂਚ ਕਰਵਾਏ ਜਾਣ ਤੋਂ ਬਾਅਦ ਮਾਮਲਾ ਕਾਫੀ ਗਰਮਾ ਗਿਆ ਹੈ। ਸਾਬਕਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਮੰਤਰੀ ਬੈਂਸ ਨੂੰ ਘੇਰਿਆ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੇਰਾ ਪਿਛਲੇ 40 ਸਾਲ ਦਾ ਰਾਜਨੀਤਕ ਕਰੀਅਰ ਹੈ ਤੇ ਮੈਨੂੰ ਮਾਣ ਹੈ ਕਿ ਮੇਰਾ ਕਰੀਅਰ ਬੇਦਾਗ ਹੈ। ਮੈਨੂੰ ਮਾਣ ਹੈ ਕਿ ਮੈਂ ਈਮਾਨਦਾਰੀ ਨਾਲ ਲੋਕਾਂ ਦੀ ਸੇਵਾ ਕੀਤੀ। ਪਾਰਟੀ ਦੀ ਸੇਵਾ ਕੀਤੀ। ਪਰ ਮੈਨੂੰ ਡੂੰਘਾ ਅਫਸੋਸ ਹੈ ਕਿ ਮੰਤਰੀ ਬੈਂਸ ਵੱਲੋਂ ਮਾਈਨਿੰਗ ਮਾਮਲੇ ਵਿਚ ਮੇਰੇ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਹੋਰ ਕੁਝ ਨਹੀਂ ਸਗੋਂ ਸਿਆਸੀ ਬਦਲਾਖੋਰੀ ਹੈ। ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੇਰੀ ਅਪੀਲ ਹੈ ਕਿ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਤੇ ਜੇਕਰ ਅਜਿਹਾ ਨਾ ਹੋਇਆ ਤਾਂ ਮੈਂ ਅਦਾਲਤ ਦਾ ਦਰਵਾਜ਼ਾ ਖੜਕਾਵਾਂਗਾ।
ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਨੇ ਕੇਪੀ ਸਿੰਘ ‘ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ ਜੁਲਾਈ ਵਿੱਚ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਹੋਣ ਕਾਰਨ ਇਸ ਮਾਮਲੇ ਨੂੰ ਦਬਾ ਦਿੱਤਾ ਸੀ।
ਵਿਜੀਲੈਂਸ ਨੂੰ ਲਿਖੇ ਇੱਕ ਪੱਤਰ ਵਿੱਚ, ਮੰਤਰੀ ਬੈਂਸ ਨੇ ਕਿਹਾ, “ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੇਪੀ ਦੇ ‘ਸਹਾਇਕਾਂ’ ਦੁਆਰਾ ਰੋਪੜ ਅਤੇ ਅਨੰਦਪੁਰ ਸਾਹਿਬ ਵਿੱਚ ਕਰੱਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਪ੍ਰੋਟੈਕਸ਼ਨ ਮਨੀ ਵਜੋਂ ਇਕੱਠੀ ਕੀਤੀ ਗਈ ਸੀ। ਅਧਿਕਾਰੀਆਂ ਨੇ ਆਪਣੇ ਬਿਆਨ ਵਿੱਚ ਉਨ੍ਹਾਂ ਦਾ ਨਾਂ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: