ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਕੰਡੀ ਇਲਾਕੇ ਦੇ ਵਿਕਾਸ ਵਾਸਤੇ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਐਲਾਨ ਅੱਜ ਦਸੂਹਾ, ਟਾਂਡਾ ਉੜਮੁੜ ਤੇ ਹੁਸ਼ਿਆਰਪੁਰ ਹਲਕਿਆਂ ਦੇ ਦੌਰੇ ਵੇਲੇ ਕੀਤੀ ਜਿਸ ਦੌਰਾਨ ਉਨ੍ਹਾਂ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਨੂੰ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ। ਇਸ ਦੌਰਾਨ ਮਿਆਣੀ ਨੇ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਤੇ ਉੜਮੁੜ ਤੋਂ ਬਸਪਾ ਦੇ ਉਮੀਦਵਾਰ ਲਖਵਿੰਦ ਸਿੰਘ ਲੱਖੀ ਨਾਲ ਹੱਥ ਮਿਲਾ ਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਤੇ ਤਿੰਨੇ ਆਗੂਆਂ ਨੇ ਗਠਜੋੜ ਦੇ ਉਮੀਦਵਾਰਾਂ ਦੀ ਜਿੱਤ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦੁਆਇਆ।
ਅਕਾਲੀ ਦਲ ਦੇ ਪ੍ਰਧਾਨ ਨੇ ਅਕਾਲੀ ਦਲ ਤੇ ਬਸਪਾ ਹੁਸ਼ਿਆਰਪੁਰ ਦੇ ਉਮੀਦਵਾਰ ਤੇ ਸਮਾਜ ਸੇਵਕ ਵਰਿੰਦਰ ਪਰਿਹਾਰ ਦੇ ਐਨ ਜੀ ਓ ਹੋਮ ਫੋਰ ਹੋਮਲੈਸ ਵੱਲੋਂ ਬਣਾਏ ਬੇਘਰਿਆਂ ਲਈ ਬਣਾਏ ਘਰਾਂ ਵਿਚੋਂ ਇਕ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬੇਘਰਿਆਂ ਵਾਸਤੇ 5 ਲੱਖ ਘਰਾਂ ਦਾ ਨਿਰਮਾਣ ਕਰੇਗਾ। ਬਾਦਲ ਨੇ ਕਿਹਾ ਕਿ ਕੰਡੀ ਇਲਾਕੇ ਦੇ ਵਿਕਾਸ ਵਾਸਤੇ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ ਇਲਾਕੇ ਨੂੰ ਅਣਡਿੱਠ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਤੇ ਸਿੰਜਾਈ ਪ੍ਰਾਜੈਕਟਾਂ ਨੁੰ ਸ਼ੁਰੂ ਕਰਨ ਵਾਸਤੇ ਕੋਈ ਯਤਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਸਤੇ ਬੁਨਿਆਦੀ ਢਾਂਚਾ ਹੀ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕੰਡੀ ਇਲਾਕੇ ਦੇ ਵਿਕਾਸ ਵਾਸਤੇ ਵੱਖਰਾ ਮੰਤਰਾਲਾ ਸਮੁੱਚੇ ਇਲਾਕੇ ਦੇ ਵਿਕਾਸ ਵਾਸਤੇ ਕੰਮ ਕਰੇਗਾ।
ਇਹ ਵੀ ਪੜ੍ਹੋ : ਟਿਕੈਤ ਦਾ ਮੋਦੀ ਸਰਕਾਰ ਨੂੰ ਅਲਟੀਮੇਟਮ , ‘ਅਜੇ ਮਿਸ਼ਰਾ ਦਾ ਅਸਤੀਫਾ ਨਹੀਂ ਤਾਂ ਵੱਡਾ ਹੋਵੇਗਾ ਅੰਦੋਲਨ’
ਅਕਾਲੀ ਦਲ ਦੇ ਪ੍ਰਧਾਨ ਤੋਂ ਜਦੋਂ ਪੁੱਛਿਆ ਗਿਆ ਤਾਂ ਉਨ੍ਹਾਂ ਹੈਰਾਨੀ ਪ੍ਰਗਟ ਕੀਤ ਕਿ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਖੇਤਰ ਦੇ ਮੌਜੂਦਾ ਸੰਕਟ ਦੇ ਮਾਮਲੇ ਵਿਚ ਵੀ ਦੋਗਲੀ ਰਾਜਨੀਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੇਜਰੀਵਾਲ ਐਲਾਨ ਕਰ ਰਹੇ ਨ ਕਿ ਦਿੱਲੀ ਇਕਲੌਤਾ ਅਜਿਹਾ ਰਾਜ ਬਣ ਗਿਆ ਹੈ ਜਿਥੇ ਕੋਲੇ ਨਾਲ ਬਿਜਲੀ ਪੈਦਾ ਨਹੀਂ ਕੀਤੀ ਜਾ ਰਹੀ ਜਦਕਿ ਹਾਲ ਹੀ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਹੋਰ ਥਰਮਲਾਂ ਦਾ ਕੋਲਾ ਦਿੱਲੀ ਦੇ ਦੋ ਥਰਮਲਾਂ ਵਾਸਤੇ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੇਜਰੀਵਾਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਤੇ ਪਰਾਲੀ ਸਾੜਨ ਦੇ ਮਾਮਲੇ ਵਿਚ ਦੋਗਲਾ ਸਟੈਂਡ ਅਪਣਾਇਆ ਸੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਤਾਂ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਵੀ ਕੀਤੀ ਸੀ।
ਬਾਦਲ ਨੇ ਕੇਜਰੀਵਾਲ ਵੱਲੋਂ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਜਿਸ ਵਿਅਕਤੀ ਨੇ ਆਪਣੇ ਬੱਚਿਆਂ ਦੇ ਸਿਰ ’ਤੇ ਹੱਥ ਰੱਖ ਕੇ ਖਾਧੀ ਸਹੁੰ ਤੋੜ ਦਿੱਤੀ ਹੋਵੇ, ਉਸ ’ਤੇ ਕੌਣ ਭਰੋਸਾ ਕਰ ਸਕਦਾ ਹੈ। ਜਦੋਂ ਉਨ੍ਹਾਂ ਤੋਂ ਸੂਬੇ ਦੇ ਬਿਜਲੀ ਸੰਕਟ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਸਰਕਾਰ ਦੇ ਬਿਜਲੀ ਸੈਕਟਰ ਵਿਚ ਕੁਪ੍ਰਬੰਧਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਿਛਲੇ ਪੰਜ ਸਾਲਾਂ ਵਿਚ ਬਿਜਲੀ ਪੈਦਾਵਾਰ ਵਧਾਉਣ ਵਾਸਤੇ ਕੁਝ ਨਹੀਂ ਕੀਤਾ ਜਦਕਿ 700 ਮੈਗਾਵਾਟ ਪ੍ਰਤੀ ਸਾਲ ਦੇ ਹਿਸਾਬ ਨਾਲ 3500 ਮੈਗਾਵਾਟ ਪੈਦਾਵਾਰ ਦਾ ਵਾਧਾ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਪੀ ਪੀ ਏ ਮੁਤਾਬਕ ਬਿਜਲੀ 2.85 ਰੁਪਏ ਪ੍ਰਤੀ ਯੁਨਿਟ ਦੀ ਦਰ ਨਾਲ ਖਰੀਦੀ ਜਾ ਰਹੀ ਹੈ ਜਦਕਿ ਕੱਲ੍ਹ ਕਾਂਗਰਸ ਸਰਕਾਰ ਨੇ 14.46 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਖਰੀਦੀ ਹੈ ਤੇ ਅੱਜ 14.06 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਖਰੀਦੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੰਨੀ ਪਿਛਲੀ ਵਜ਼ਾਰਤ ਦੇ ਮੈਂਬਰ ਸਨ ਜਦੋਂ ਐਸ ਸੀ ਵਿਦਿਆਰਥੀਆਂ ਨੁੰ ਸਕਾਲਰਸ਼ਿਪ ਤੋਂ ਵਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਚੰਨੀ ਗਰੀਬਾਂ ਵਾਸਤੇ ਸਸਤੀਆਂ ਦਰਾਂ ’ਤੇ ਆਟਾ ਦਾਲ ਪ੍ਰਦਾਨ ਕਰਨ ਦੀ ਸਕੀਮ ਵਿਚੋਂ ਲੱਖਾਂ ਲੋਕਾਂ ਦੇ ਨਾਂ ਕੱਟੇ ਜਾਣ ਦੇ ਫੈਸਲੇ ਦੇ ਵੀ ਭਾਈਵਾਲ ਸਨ। ਪਿੰਡ ਮਿਆਣੀ ਵਿਖੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਆਗੂਆਂ ਤੇ ਵਰਕਰਾਂ ਵਿਚ ਮੁਕੰਮਲ ਏਕਤਾ ਤੇ ਗਠਜੋੜ ਦੀ ਸਾਂਝੀ ਮੁਹਿੰਮ ਦੀ ਬਦੌਲਤ ਆਉਂਦੀਆਂ ਚੋਣਾਂ ਵਿਚ ਗਠਜੋੜ ਜ਼ਿਲ੍ਹੇ ਦੀਆਂ ਸਾਰੀਆਂ 7 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗਾ।
ਦੇਖੋ ਵੀਡੀਓ :
Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala
ਇਸ ਮੌਕੇ ਉੜਮੁੜ, ਦਸੂਹਾ ਤੇ ਹੁਸ਼ਿਆਰਪੁਰ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਲਖਵਿੰਦ ਸਿੰਘ ਲੱਖੀ, ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਤੇ ਵਰਿੰਦਰ ਪਰਿਹਾਰ ਤੋਂ ਇਲਾਵਾ ਭਾਜਪਾ ਦੇ ਜਨਰਲ ਸਕੱਤਰ ਗੁਰਲਾਲ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਨਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਲਖਬੀਰ ਸਿੰਘ ਲੋਧੀਨੰਗਲ, ਅਰਵਿੰਦਰ ਸਿੰਘ ਰਸੂਲਪੁਰ, ਸੋਹਣ ਸਿੰਘ ਠੰਢਲ, ਸਰਬਜੋਤ ਸਿੰਘ ਸਾਬੀ, ਹਰਜਿੰਦਰ ਸਿੰਘ ਧਾਮੀ, ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਵਰਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ