ਲੁਧਿਆਣਾ ਕੋਰਟ ਕੰਪਲੈਕਸ ਵਿਚ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਹੜਕੰਪ ਮਚਿਆ ਹੋਇਆ ਹੈ। ਇਸ ਧਮਾਕੇ ਵਿਚ ਫਿਦਾਈਨ ਹਮਲੇ ਤੋਂ ਲੈ ਕੇ ਟਿਫਿਨ ਬੰਬ ਅਤੇ ਖਾਲਿਸਤਾਨੀ ਅੱਤਵਾਦੀਆਂ ਦਾ ਐਂਗਲ ਸਾਹਮਣੇ ਆ ਰਿਹਾ ਹੈ ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ। ਸ਼ਾਹ ਨੇ ਚੰਨੀ ਨਾਲ ਧਮਾਕੇ ਤੇ ਪੰਜਾਬ ਦੇ ਸੁਰੱਖਿਆ ਹਾਲਾਤ ਨੂੰ ਲੈ ਕੇ ਬਿਓਰਾ ਲਿਆ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।
ਇਸ ਮਾਮਲੇ ਵਿਚ ਹੁਣ ਸਾਹਮਣੇ ਆ ਰਿਹਾ ਹੈ ਕਿ ਧਮਾਕੇ ਦੇ ਪਿੱਛੇ ਪਾਕਿਸਤਾਨ ਵਿਚ ਬੈਠੇ ਖਾਲਿਸਤਾਨੀ ਦਹਿਸ਼ਤਗਰਦ ਹੋ ਸਕਦੇ ਹਨ। ਇਸ ਧਮਾਕੇ ਵਿਚ IED ਦਾ ਇਸਤੇਮਾਲ ਕੀਤੇ ਜਾਣ ਦੀ ਵੀ ਸ਼ੰਕਾ ਹੈ। ਧਮਾਕੇ ਵਿਚ ਜਿਸ ਵਿਅਕਤੀ ਦੀ ਮੌਤ ਹੋਈ, ਅਜੇ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮੁੱਖ ਮੰਤਰੀ ਚੰਨੀ ਨੇ ਵੀ ਇਸ ਵੱਲ ਇਸ਼ਾਰਾ ਕੀਤਾ ਸੀ। ਉਨ੍ਹਾਂ ਨੇ ਇਸ ਦੇ ਪਿੱਛੇ ਡਰੱਗ ਮਾਫੀਆ ਦੇ ਹੱਥ ਹੋਣ ਦੇ ਸੰਕੇਤ ਦਿੱਤੇ। ਪਾਕਿਸਤਾਨ ਤੋਂ ਲਗਾਤਾਰ ਡ੍ਰੋਨ ਜ਼ਰੀਏ ਹਥਿਆਰ ਤੇ ਨਸ਼ਾ ਭੇਜਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ।
ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਨ. ਵੀ. ਰਮੰਨਾ ਨੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਇਸ ਮਾਮਲੇ ਵਿਚ ਹੋਈ ਜਾਂਚ ਬਾਰੇ ਪੜਤਾਲ ਕਰਨ ਨੂੰ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀ ਇਸ ਘਟਨਾ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਕੋਰਟ ਕੰਪਲੈਕਸ ਵਿਚ ਸੁਰੱਖਿਆ ਵਧਾਉਣ ਲਈ ਕਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪੰਜਾਬ ਵਿਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿਚ ਬੇਅਦਬੀ, ਲੀਚਿੰਗ ਤੇ ਹੁਣ ਬੰਬ ਧਮਾਕੇ ਨਾਲ ਦੇਸ਼ ਦਾ ਗ੍ਰਹਿ ਮੰਤਰਾਲੇ ਬਹੁਤ ਚਿੰਤਤ ਹੈ। ਪੰਜਾਬ ਦਾ ਲਗਭਗ 600 ਕਿਲੋਮੀਟਰ ਬਾਰਡਰ ਪਾਕਿਸਤਾਨ ਨਾਲ ਲੱਗਦਾ ਹੈ। ਪੰਜਾਬ ਅੱਤਵਾਦ ਦਾ ਭਿਆਨਕ ਦੌਰ ਵੀ ਦੇਖ ਚੁੱਕਾ ਹੈ। ਇਥੇ ਫਿਰ ਹਾਲਾਤ ਖਰਾਬ ਨਾ ਹੋਣ ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸ ‘ਤੇ ਨਜ਼ਰ ਬਣਾ ਕੇ ਰੱਖੀ ਹੋਈ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨੇ ਵੀ ਪੰਜਾਬ ਦੇ ਸੀਨੀਅਰ ਅਫਸਰਾਂ ਨਾਲ ਇਸ ਬਾਰੇ ਗੱਲਬਾਤ ਕੀਤੀ ਜਿਸ ਤੋਂ ਬਾਅਦ ਪੰਜਾਬ ਦੀ ਸਥਿਤੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੂਰੀ ਜਾਣਕਾਰੀ ਦਿੱਤੀ।