ਪੰਜਾਬ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਸਮਰਥਨ ‘ਚ ਹਾਈਵੇਅ ਜਾਮ ਕਰਨ ਵਾਲਿਆਂ ‘ਤੇ ਪੁਲਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਖਿਲਾਫ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਭੜਕਾਊ ਭਾਸ਼ਣ ਜਾਂ ਗਲਤ ਤਰੀਕੇ ਨਾਲ ਭੜਕਾਊ ਪੋਸਟਾਂ ਸ਼ੇਅਰ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਸੱਦਾ ਦੇਣ ਵਾਲੇ ਗੁਰਦਾਸਪੁਰ ਸਥਿਤ ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੂੰ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ। ਇੰਦਰਪਾਲ ਸਿੰਘ ਦੇ ਘਰ ਦੇ ਬਾਹਰ ਨਾਕਾ ਲਾਇਆ ਹੋਇਆ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਵਿੱਚ ਖੰਨਾ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਕਾਰਵਾਈ ਤੋਂ ਬਾਅਦ ਲੋਕਾਂ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਰੋਡ ਜਾਮ ਕਰਨ ਲਈ ਉਕਸਾ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਵੀ ਇਹ ਲੋਕ ਗਲਤ ਜਾਣਕਾਰੀ ਸਾਂਝੀ ਕਰ ਰਹੇ ਸਨ, ਜਿਸ ਨਾਲ ਮਾਹੌਲ ਖਰਾਬ ਹੋ ਗਿਆ। ਪਰ ਪੁਲਿਸ ਨੇ ਸਮੇਂ ਸਿਰ ਉਨ੍ਹਾਂ ਨੂੰ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਈਸ਼ਵਰ ਸਿੰਘ ਵਾਸੀ ਪਿੰਡ ਮਾਨੂਪੁਰ, ਗੁਰਪ੍ਰੀਤ ਸਿੰਘ ਵਾਸੀ ਪਿੰਡ ਉਟਾਲਾ, ਸੁਖਵਿੰਦਰ ਸਿੰਘ ਵਾਸੀ ਪਿੰਡ ਭਗਵਾਨਪੁਰਾ ਅਤੇ ਜਗਤਾਰ ਸਿੰਘ ਵਾਸੀ ਪਿੰਡ ਰਾਣਵਾ ਵਜੋਂ ਹੋਈ ਹੈ।
ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ 4 ਦੋਸ਼ੀ ਲੋਕਾਂ ਨੂੰ ਪੁਲੀਸ ਖ਼ਿਲਾਫ਼ ਭੜਕਾ ਰਹੇ ਹਨ। ਉਹ ਲੋਕਾਂ ਨੂੰ ਖੰਨਾ ਵਿਖੇ ਨੈਸ਼ਨਲ ਹਾਈਵੇਅ ਜਾਮ ਕਰਨ ਲਈ ਮਜਬੂਰ ਕਰ ਰਹੇ ਸਨ। ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਚਾਰਾਂ ਮੁਲਜ਼ਮਾਂ ਨੂੰ ਸੀਆਰਪੀਸੀ ਦੀ ਧਾਰਾ 107 ਅਤੇ 151 ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਲਮਾਨ ਖਾਨ ਦੇ ਘਰ ਦੇ ਬਾਹਰ ਵਧਾਈ ਗਈ ਸਕਿਓਰਿਟੀ, ਈ-ਮੇਲ ‘ਤੇ ਗੋਲਡੀ ਬਰਾੜ ਤੋਂ ਮਿਲੀ ਸੀ ਧਮਕੀ
ਐਸਐਸਪੀ ਕੌਂਡਲ ਨੇ ਕਿਹਾ ਕਿ ਖੰਨਾ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਪੁਲਿਸ ਬਖਸ਼ੇਗੀ ਨਹੀਂ। ਪੁਲਿਸ ਸੋਸ਼ਲ ਨੈਟਵਰਕਿੰਗ ਸਾਈਟਾਂ ‘ਤੇ ਪੋਸਟਾਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਪੁਲਿਸ ਕਿਸੇ ਵੀ ਵਿਅਕਤੀ ਵਿਰੁੱਧ ਕਾਰਵਾਈ ਕਰੇਗੀ ਜੋ ਜਾਅਲੀ ਖ਼ਬਰਾਂ ਫੈਲਾਉਂਦਾ ਹੈ ਜਾਂ ਲੋਕਾਂ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਲਈ ਉਕਸਾਉਣ ਦੀ ਕੋਸ਼ਿਸ਼ ਕਰਦਾ ਹੈ। ਪੁਲਿਸ ਨੇ ਖੰਨਾ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਫਲੈਗ ਮਾਰਚ ਵੀ ਕੱਢਿਆ।
ਵੀਡੀਓ ਲਈ ਕਲਿੱਕ ਕਰੋ -: