Another example of : ਮੋਦੀ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਬਿਜਲੀ ਸੋਧ ਬਿੱਲ ਨੂੰ ਲਿਆਉਣ ਦੀ ਤਿਆਰੀ ਕੀਤੇ ਜਾਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਿੱਪਣੀ ਕੀਤੀ ਤੇ ਕਿਹਾ ਕਿ ਭਾਜਪਾ ਦੀ ਸਿਆਸੀ ਸੂਝਬੂਝ ‘ਤੇ ਇਸ ਦੇ ਆਗੂਆਂ ਦਾ ਹੰਕਾਰ ਭਾਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਨਸ਼ਾ ਬਿਜਲੀ ਖੇਤਰ ਵਿਚ ਕੋਈ ਸੁਧਾਰ ਲਿਆਉਣਾ ਨਹੀਂ ਹੈ ਸਗੋਂ ਉਹ ਤਾਂ ਇਸ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਦਾ ਇਕ ਹੋਰ ਮੌਕਾ ਲੱਭ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ 2014 ਤੋਂ ਹੀ ਵਾਅਦਾ ਖਿਲਾਫੀ ਕਰਦੀ ਆ ਰਹੀ ਹੈ ਅਤੇ ਇਹ ਇਸਦੀ ਤਾਜਾ ਉਦਾਹਰਣ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਸਬਕ ਸਿਖਾਉਣ ਦੇ ਨਾਅਰੇ ਨਾਲ ਵੋਟਾਂ ਲੈਣ ਵਾਲੀ ਭਾਜਪਾ ਸਰਕਾਰ ਪੰਜਾਬ ਨੂੰ ਹੀ ਸਬਕ ਸਿਖਾਉਣ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸੰਗਠਨਾਂ ਨਾਲ ਗਲਬਾਤ ਦੌਰਾਨ ਕੇਂਦਰ ਸਰਕਾਰ ਨੇ ਸੱਪਸ਼ਟ ਤੌਰ ‘ਤੇ ਭਰੋਸਾ ਦਿੱਤਾ ਸੀ ਕਿ ਉਹ ਬਿਜਲੀ ਸੋਧ ਬਿੱਲ ਨਹੀਂ ਲੈ ਕੇ ਆਵੇਗੀ ਪਰ ਸਰਕਾਰ ਨੇ ਕਿਸਾਨਾਂ ਦੇ ਚੱਲਦੇ ਸੰਘਰਸ਼ ਦੌਰਾਨ ਹੀ ਇਸ ਨੂੰ ਲਿਆਉਣ ਦੀ ਪ੍ਰਕਿਰਿਆ ਫਿਰ ਤੋਂ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿਰੋਧੀ ਕਾਰਵਾਈਆਂ ਰਾਹੀਂ ਮੋਦੀ ਸਰਕਾਰ ਲੋਕ ਰੋਹ ਨੂੰ ਭੜਕਾ ਰਹੀ ਹੈ। ਉਨ੍ਹਾਂ ਨੇ ਪੰਜਾਬ ਭਾਜਪਾ ਦੇ ਆਗੂਆਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਸਿਆਸੀ ਭਵਿੱਖ ਦੀ ਕੋਈ ਫਿਕਰ ਹੈ ਤਾਂ ਉਹ ਪੰਜਾਬ ਦੇ ਲੋਕਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਹਿੰਮਤ ਕਰਨ। ਜਾਖੜ ਨੇ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੀ ਰਾਏ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਬਿਜਲੀ ਸੁਧਾਰ ਬਿੱਲ ਨਹੀਂ ਬਲਕਿ ਬਿਜਲੀ ਵਪਾਰ ਬਿੱਲ ਹੈ। ਇਸਦਾ ਉਦੇਸ਼ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਬਿਜਲੀ ਵੰਡ ਦਾ ਕੰਮ ਸੌਂਪਨਾ ਹੈ।
ਜਾਖੜ ਨੇ ਕਿਹਾ ਕਿ ਇਸਦਾ ਇਕ ਹੋਰ ਲੁਕਵਾਂ ਉਦੇਸ਼ ਪੰਜਾਬ ਦੇ ਕਿਸਾਨਾਂ ਨੂੰ ਮਿਲਦੀ ਮੁਫ਼ਤ ਬਿਜਲੀ ਨੂੰ ਬੰਦ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜੀ ਜਾ ਰਹੀ ਲੜਾਈ ਕਾਰਨ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਦਾ ਕੋਈ ਵੀ ਮੌਕਾ ਗੁਆਉਣਾ ਨਹੀਂ ਚਾਹੁੰਦੀ। ਇਸੇ ਕਾਰਨ ਇਕ ਤੋਂ ਬਾਅਦ ਇਕ ਅਜਿਹੀਆਂ ਨੀਤੀਆਂ ਲਿਆ ਰਹੀ ਹੈ ਜਿਸ ਨਾਲ ਪੰਜਾਬ ਦੀ ਖੇਤੀ ਨੂੰ ਤਬਾਹ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਕੇਂਦਰ ਦੇ ਅਨਿਆਂ ਖਿਲਾਫ ਪੰਜਾਬ ਗੋਢੇ ਨਹੀਂ ਟੇਕੇਗਾ ਅਤੇ ਲੋਕਤਾਂਤਰਿਕ ਤਰੀਕੇ ਨਾਲ ਸੰਘਰਸ਼ ਜਾਰੀ ਰੱਖੇਗਾ।