ਡੇਰਾ ਬਾਬਾ ਨਾਨਕ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਸਰਕਾਰ ਬਣਨ ‘ਤੇ ਭ੍ਰਿਸ਼ਟ ਕਾਂਗਰਸ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਲਏ ਗਏ ਸਾਰੇ ਲੋਕ ਵਿਰੋਧੀ ਫੈਸਲਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਰੱਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਹੜੇ ਫੈਸਲਿਆਂ ਦੀ ਸਮੀਖਿਆ ਤੇ ਇਹਨਾਂ ਨੂੰ ਰੱਦ ਕਰਨ ਦਾ ਫੈਸਲਾ ਹੋਣਾ ਹੈ, ਊੁਹਨਾਂ ਵਿਚ ਕਾਂਗਰਸੀ ਆਗੂਆਂ ਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਅਮੀਰ ਬਣਾਉਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਸਮੇਂ ਦੀ ਗੱਲ ਹੈ। ਕਾਂਗਰਸ ਸਰਕਾਰ ਕੋਲ ਥੋੜ੍ਹਾ ਸਮਾਂ ਹੀ ਬਚਿਆ ਹੈ। ਚੋਣ ਜ਼ਾਬਤਾ ਲੱਗਣ ਨੂੰ ਸਿਰਫ਼ 360 ਘੰਟੇ ਹੀ ਬਚੇ ਹਨ। ਇੱਕ ਵਾਰ ਸ਼ਾਸਨ ‘ਚ ਬਦਲਾਅ ਹੋਣ ‘ਤੇ ਗੈਰਕਾਨੂੰਨੀ ਕੰਮ ਕਰਨ ਵਾਲੇ ਸਾਰੇ ਕਾਂਗਰਸੀ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਦੇਸ਼ ਦੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਰਨਾਲਾ : ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾਂ ਕਬੱਡੀ ਖਿਡਾਰੀ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤੇ ਭਰਾ
ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਜ਼ੁਬਾਨੀ ਹਮਲਾ ਬੋਲਦਿਆਂ ਸ. ਬਾਦਲ ਨੇ ਕਿਹਾ ਕਿ 2022 ਵਿਚ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਉਸ ਦੇ ਸਾਰੇ ਅਪਰਾਧਾਂ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ। ਉਸ ਦੇ ਗੈਰ-ਕਾਨੂੰਨੀ ਕੰਮਾਂ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਸਰਕਾਰ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਹਨ। ਕੋਈ ਵੀ ਪੰਜਾਬੀ ਉਨ੍ਹਾਂ ਦੇ ਝੂਠੇ ਵਾਅਦਿਆਂ ਨੂੰ ਮੰਨਣ ਲਈ ਤਿਆਰ ਨਹੀਂ ਹੈ।