ਪੰਜਾਬ ਵਿੱਚ ਪਈ ਬੇਮੌਸਮੀ ਬਾਰਿਸ਼ ਦੀ ਮਾਰ ਕਿਸਾਨਾਂ ‘ਤੇ ਪਈ ਹੈ। ਅੰਨਦਾਤਿਆਂ ਦੀ ਪੁੱਤਾਂ ਵਾਂਗ ਪਾਲੀ ਫਸਲ ਮੀਂਹ ਤੇ ਗੜਿਆਂ ਨਾਲ ਬਰਬਾਦ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਭਾਰੀ ਬਰਸਾਤਾਂ ਦੇ ਨਾਲ-ਨਾਲ ਗੜ੍ਹੇਮਾਰੀ ਕਾਰਨ ਹੋਏ ਕਣਕ ਦੀ ਫਸਲ ਦੇ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰਨ ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ।
ਉਹਨਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਮਾੜੇ ਮੌਸਮ ਕਾਰਨ ਨੁਕਸਾਨੀ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਕਣਕ ਦੇ ਅੰਸ਼ਿਕ ਨੁਕਸਾਨ ਵਾਸਤੇ 25 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ।
ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ। ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਫਸਲਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਮਿਲਿਆ।
ਇਹ ਵੀ ਪੜ੍ਹੋ : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਿਲੇ IG ਜਸਕਰਨ, ਇੱਕ ਘੰਟਾ ਬੰਦ ਕਮਰੇ ‘ਚ ਹੋਈ ਮੀਟਿੰਗ
ਦੱਸ ਦੇਈਏ ਕਿ ਸੀ.ਐੱਮ. ਮਾਨ ਨੇ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਸੀ.ਐੱਮ. ਮਾਨ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ਵਿੱਚ ਤਿਆਰ ਖੜ੍ਹੀ ਕਣਕ ਦੀ ਫਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਅਫਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।
ਵੀਡੀਓ ਲਈ ਕਲਿੱਕ ਕਰੋ -: