ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਪਹੁੰਚੇ। ਉਨ੍ਹਾਂ ਨਰਮੇ ਨੂੰ ਪਈ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਕਿਸਾਨਾਂ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਦੇ ਖੇਤੀ ਕਾਮੇ ਸੁਖਪਾਲ ਸਿੰਘ (ਉਮਰ 30 ਸਾਲ) ਦੇ ਪਰਿਵਾਰਕ ਮੈਂਬਰ ਨੂੰ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਪੂਰੀ ਕਰਦਿਆਂ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੰਡੀ ਕਲਾਂ ਘਰ ਪੁੱਜ ਕੇ ਮ੍ਰਿਤਕ ਕਾਮੇ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ।
ਨੱਥਾ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਸੁਖਪਾਲ ਸਿੰਘ ਜੋ ਟਿਕਰੀ ਬਾਰਡਰ ਉਤੇ ਧਰਨੇ ਦੌਰਾਨ ਬਿਮਾਰ ਹੋ ਗਿਆ ਸੀ, ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਵੀ ਰਿਹਾ। 31 ਮਾਰਚ 2021 ਨੂੰ ਸੁਖਪਾਲ ਸਿੰਘ ਅਕਾਲ ਚਲਾਣਾ ਕਰ ਗਿਆ ਸੀ। ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਤਹਿਤ ਭੋਗ ਉਤੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।
ਨੱਥਾ ਸਿੰਘ ਤੇ ਸੁਖਪਾਲ ਸਿੰਘ ਦੋਵੇਂ ਭਰਾ ਖੇਤੀ ਕਾਮੇ ਹਨ ਜਿਨ੍ਹਾਂ ਦੇ ਮਾਤਾ-ਪਿਤਾ ਕਈ ਸਾਲ ਪਹਿਲਾ ਸਵਰਗਵਾਸ ਹੋ ਗਏ ਸਨ। ਸੁਖਪਾਲ ਸਿੰਘ ਹਾਲੇ ਕੁਆਰਾ ਸੀ ਜਿਸ ਕਰਕੇ ਉਸ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਸਰਕਾਰੀ ਨੌਕਰੀ ਦਿੱਤੀ ਗਈ।
ਦੱਸਣਯੋਗ ਹੈ ਕਿ ਕਿਸਾਨਾਂ ਨੇ ਆਪਣੀ ਕਪਾਹ ਦੀ ਫਸਲ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਨਿਵੇਸ਼ ਕੀਤਾ ਸੀ, ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਬਹੁਤਿਆਂ ਨੇ 50 ਹਜ਼ਾਰ ਰੁਪਏ ਪ੍ਰਤੀ ਏਕੜ ਪੱਟੇ ਵਜੋਂ ਖਰਚ ਕੀਤੇ ਹਨ। ਜੇਕਰ ਉਨ੍ਹਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਨਾ ਮਿਲਿਆ ਤਾਂ ਉਹ ਅਗਲੀ ਫਸਲ ਬੀਜਣ ਸਥਿਤੀ ਵਿੱਚ ਨਹੀਂ ਹੋਣਗੇ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਜੋੜਾ ਫਾਟਕ ਬੰਦ ਕਰਨਾ ਭੁੱਲਿਆ ਗੇਟਮੈਨ, ਲੋਕਾਂ ਦੀ ਚੌਕਸੀ ਨਾਲ ਟਲਿਆ ਵੱਡਾ ਹਾਦਸਾ