ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਧੀਨ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੌਰਾਨ ਇਕ ਸਹਾਇਕ ਸਬ-ਇੰਸਪੈਕਟਰ ਸੁਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਚ ਤਾਇਨਾਤ ਮੁਲਾਜ਼ਮ ਏ. ਐੱਸ. ਆਈ. ਸੁਰਿੰਦਰ ਸਿੰਘ ਨੂੰ ਮਹਾਵੀਰ ਸਿੰਘ, ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉੁਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਪੁਲਿਸ ਮੁਲਾਜ਼ਮ, ਉਸ ਦੀ ਪਤਨੀ ਤੇ ਪੁੱਤਰ ਦੀ ਡਾਕਟਰੀ ਰਿਪੋਰਟਾਂ ਦੇ ਆਧਾਰ ‘ਤੇ ਕੇਸ ਦਰਜ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੇ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏਐੱਸਆਈ ਦੇ ਖਿਲਾਫ ਭ੍ਰਿਸ਼ਟਾਚਾਰ ਕਾਨੂੰਨ ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਚ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।