ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪ੍ਰੀਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਉਸ ਦੇ ਦੋਸਤ ਗੁਰਪਿਆਰ ਸਿੰਘ ਨੂੰ ਡਰਾ ਧਮਕਾ ਕੇ ਉਸ ਦੇ ਖਿਲਾਫ ਰੰਗਦਾਰੀ ਦਾ ਮਾਮਲਾ ਦਰਜ ਕਰਨ ਲਈ 20,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: