ASI of Punjab Police died : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਅੱਜ ਕੋਰੋਨਾ ਨਾਲ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਦੀ ਮੌਤ ਦੀ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿਚ ਰਹਿਣ ਵਾਲੇ 40 ਸਾਲਾ ਪੁਲਿਸ ਮੁਲਾਜ਼ਮ ਹਰੀਸ਼ ਕੁਮਾਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਨ੍ਹਾਂ ਨੇ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਅੱਜ ਦਮ ਤੋੜ ਦਿੱਤਾ। ਉਹ ਦੀਨਾਨਗਰ ਥਾਣੇ ਵਿਚ ਡੀਐਐਸਪੀ ਦੇ ਗੰਨਮੈਨ ਵਜੋਂ ਤਾਇਨਾਤ ਸਨ। ਉਨ੍ਹਾਂ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ। ਇਸ ਦੇ ਨਾਲ ਹੀ ਗੁਰਦਾਸਪੁਰ ਜ਼ਿਲ੍ਹੇ ਵਿਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 45 ਹੋ ਗਈ ਹੈ, ਜਦਕਿ ਜ਼ਿਲ੍ਹੇ ਵਿਚੋਂ 1672 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।
ਉਧਰ ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ ਦੇ 8 ਵਿਧਾਇਕਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਆਪ ਦੇ ਮਹਿਲ ਕਲਾਂ ਤੋਂ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਚਾਰ ਵਿਧਾਇਕ ਕੋਰੋਨਾ ਦੀ ਲਪੇਟ ਵਿਚ ਆਏ ਸਨ ਜਿਨ੍ਹਾਂ ਵਿਚ ਰਾਜਪੁਰਾ ਦੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ, ਜਲਾਲਪੁਰ ਤੋਂ ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ’ਆਪ’ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ।