ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ।
ਔਜਲਾ ਨੇ ਕਿਹਾ ਕਿ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਕਰਕੇ ਲੋਕਾਂ ਵਿੱਚ ਸਹਿਮ ਵਧ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਬਦਲਾ ਲਉ ਰਾਜਨੀਤੀ ਕੁਝ ਦਿਨਾਂ ਬਾਅਦ ਕਰ ਲਓ ਤੇ ਬਾਕੀ ਸਾਰੇ ਕੰਮ ਛੱਡ ਕੇ ਸਭ ਤੋਂ ਪਹਿਲਾਂ ਕਾਨੂੰਨ ਵਿਵਸਥਾ ਵੱਲ ਧਿਆਨ ਦਿਓ ਤੇ ਪੰਜਾਬ ਬਚਾਓ।
ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਅਪਰਾਧ ਲਗਾਤਾਰ ਵਧ ਰਹੇ ਹਨ। ਅੱਜ ਸਵੇਰੇ ਅੰਮ੍ਰਿਤਸਰ ਵਿੱਚ ਕੁਝ ਨਕਾਬਪੋਸ਼ਾਂ ਨੇ ਇੱਕ 35 ਸਾਲਾਂ ਬੰਦੇ ਹਰਪਿੰਦਰ ਸਿੰਘ ਜੋਕਿ ਘਨੌਰ ਦਾ ਰਹਿਣ ਵਾਲਾ ਸੀ, ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਜੋਕਿ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਲੁੱਟ ਦੀ ਨੀਅਤ ਨਾਲ ਅੰਜਾਮ ਦਿੱਤਾ ਗਿਆ।
ਉਥੇ ਹੀ ਬੀਤੇ ਦਿਨ ਜ਼ਮੀਨੀ ਵਿਵਾਦ ਕਰਕੇ 100 ਫੁੱਟੀ ਰੋਡ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਵੀ ਸਾਹਮਣੇ ਆਇਆ, ਜਿਸ ਵਿੱਚ ਇੱਕ ਆਦਮੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਕੌਂਸਲਰ ਦਲਬੀਰ ਕੌਰ ਦਾਪੁੱਤਰ ਤੇ ਆਮ ਆਦਮੀ ਪਾਰਟੀ ਦੇ ਲੀਡਰ ਚਰਣਦੀਪ ਸਿੰਘ ਹੈ। ਉਹ ਪਹਿਲਾਂ ਕਾਂਗਰਸ ਵਿੱਚ ਸੀ ਤੇ ਹੁਣ ‘ਆਪ’ ਵਿੱਚ ਸ਼ਾਮਲ ਹੋ ਚੁੱਕਾ ਹੈ। ਇਸ ਘਟਨਾ ਤੋਂ ਬਾਅਦ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: