Baba Deep Singh : ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਜੀ ਦਾ ਜਨਮ 26 ਜਨਵਰੀ 1682 ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਂ ‘ਦੀਪਾ’ ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ ‘ਦੀਪਾ’ ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਏ । ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ ‘ਦੀਪੇ’ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਂ ‘ਦੀਪ ਸਿੰਘ’ ਰੱਖਿਆ ਗਿਆ।
ਬਾਬਾ ਦੀਪ ਸਿੰਘ ਜੀ ਨੇ 20-22 ਸਾਲ ਦੀ ਉਮਰ ਵਿੱਚ ਹੀ ਇੱਕ ਸਿਆਣੇ ਵਿਦਵਾਨ ਤੇ ਸੂਰਬੀਰ ਸੈਨਿਕ ਬਣ ਗਏ। ਇੱਕ ਪਾਸੇ ਤਾਂ ਆਪ ਸਿੱਖ ਸੰਗਤ ਅੰਦਰ ਪਾਵਨ ਗੁਰਬਾਣੀ ਦਾ ਗਿਆਨ ਕਰਵਾਉਂਦੇ ਅਤੇ ਗੁਰੂ ਜੀ ਦੇ ਆਦੇਸ਼ ਅਨੁਸਾਰ ਖੰਡੇ-ਬਾਟੇ ਦਾ ਅੰਮ੍ਰਿਤ ਛਕਾ ਕੇ ਸਿੱਖਾਂ ਵਿੱਚ ਨਵਾਂ ਧਾਰਮਿਕ ਜੋਸ਼ ਭਰਦੇ ਸਨ, ਦੂਸਰੇ ਪਾਸੇ ਆਪ ਸਿੰਘ ਸੂਰਮਿਆਂ ਦੇ ਜਥੇ ਤਿਆਰ ਕਰਕੇ ਲੋੜ ਸਮੇਂ ਮੈਦਾਨ-ਏ-ਜੰਗ ਵਿੱਚ ਜਾ ਕੇ ਜੈਕਾਰੇ ਬੁਲਾਉਂਦੇ ਸਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਉਪਰੰਤ ਵੱਖ-ਵੱਖ ਅਸਥਾਨਾਂ ਰਾਹੀਂ ਹੁੰਦੇ ਹੋਏ ਪਾਵਨ ਅਸਥਾਨ ਦਮਦਮਾ ਸਾਹਿਬ, ਤਲਵੰਡੀ ਸਾਬੋ, ਜ਼ਿਲ਼੍ਹਾ ਬਠਿੰਡਾ ਵਿਖੇ ਪਹੁੰਚੇ। ਇਸ ਪਾਵਨ ਅਸਥਾਨ ‘ਤੇ ਬਾਬਾ ਦੀਪ ਸਿੰਘ ਜੀ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿੱਚ ਹਾਜ਼ਰ ਹੋਏ। ਆਪ ਜੀ ਇੱਕ ਮਹਾਨ ਕੀਰਤਨੀਏ ਤੇ ਵਧੀਆ ਲਿਖਾਰੀ ਵੀ ਸਨ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਤਿਆਰੀ ਦਾ ਕੰਮ ਮੁੜ ਕੇ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ।
ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ਉਂਤੇ ਤੁਲਿਆ ਹੋਇਆ ਸੀ, ਆਪਣੇ 1757 ਈ: ਦੇ ਹਿੰਦੁਸਤਾਨ ਦੇ ਹਮਲੇ ਵੇਲੇ ਦਿੱਲੀ ਜਾਂਦਾ ਹੋਇਆ ਕੁਝ ਦੇਰ ਲਈ ਲਾਹੌਰ ਠਹਿਰਿਆ। ਉਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ।ਆਪ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤ੍ਰਤਾ ਭੰਗ ਕਰਨ ਵਾਲਿਆਂ ਨਾਲ ਟੱਕਰ ਲੈਣ ਦਾ ਫੈਸਲਾ ਕਰ ਲਿਆ।ਤਰਨਤਾਰਨ ਸਾਹਿਬ ਦੇ ਪਾਵਨ ਅਸਥਾਨ ਵਿਖੇ ਪਹੁੰਚ ਕੇ ਸਿੰਘਾਂ ਦੇ ਸਾਰੇ ਸਮੂਹ ਨੇ ਅਰਦਾਸ ਕੀਤੀ। ਇਸ ਸ਼ਹਿਰ ਤੋਂ ਬਾਹਰ ਆ ਕੇ ਬਾਬਾ ਦੀਪ ਸਿੰਘ ਜੀ ਨੇ ਇੱਕ ਲਕੀਰ ਖਿੱਚੀ ਅਤੇ ਕਿਹਾ ਕਿ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹ ਇਸ ਲਕੀਰ ਨੂੰ ਪਾਰ ਕਰੇ, ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ ਉਹ ਵਾਪਸ ਚਲਿਆ ਜਾਵੇ। ਸਾਰੇ ਸਿੰਘ ਜੈਕਾਰੇ ਗਜਾਉਂਦੇ ਹੋਏ ਲਕੀਰ ਪਾਰ ਕਰਕੇ ਅੰਮ੍ਰਿਤਸਰ ਵੱਲ ਵਧਣ ਲੱਗੇ।ਤਰਨ ਤਾਰਨ ਤੋਂ 10 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਗੋਹਲਵੜ ਪਿੰਡ ਕੋਲ ਜਾ ਕੇ ਬਾਬਾ ਜੀ ਨੇ ਆਪਣੇ ਸਿੰਘਾਂ ਦੇ ਜਥੇ ਨਾਲ ਦੁਸ਼ਮਣ ਦੀ ਫ਼ੌਜ ਨੂੰ ਲੜਾਈ ਲਈ ਲਲਕਾਰਿਆ। ਇਸ ਜਗ੍ਹਾ ਗੁਰਦੁਆਰਾ ਲਲਕਾਰ ਸਾਹਿਬ ਬਣਿਆ ਹੋਇਆ ਹੈ। ਜਹਾਨ ਖਾਨ ਨੂੰ ਵੀ ਸੂਹੀਏ ਰਾਹੀਂ ਪਤਾ ਲੱਗ ਗਿਆ ਕਿ ਸਿੱਖ ਉਨ੍ਹਾਂ ਉਂਪਰ ਹਮਲਾ ਕਰਨ ਲਈ ਆ ਰਹੇ ਹਨ। ਇਹ ਖ਼ਬਰ ਸੁਣ ਕੇ ਜਹਾਨ ਖਾਨ ਨੇ ਆਪਣੇ ਸਹਾਇਕ ਅਤਾਈ ਖਾਨ ਨੂੰ ਸਿੱਖਾਂ ਉਂਤੇ ਹਮਲਾ ਕਰਨ ਦੇ ਆਦੇਸ਼ ਦਿੱਤੇ। ਜਹਾਨ ਖਾਨ ਆਪ ਘੋੜ ਸਵਾਰ ਫੌਜ ਨਾਲ ਲੈ ਕੇ ਅੰਮ੍ਰਿਤਸਰ ਸ਼ਹਿਰ ਤੋਂ ਬਾਹਰ ਗੋਹਲਵੜ ਦੇ ਸਥਾਨ ‘ਤੇ ਪਹੁੰਚ ਗਿਆ, ਜਿੱਥੇ ਸਿੰਘਾਂ ਤੇ ਅਫ਼ਗਾਨਾਂ ਦੀ ਟੱਕਰ ਹੋਈ। ਅਫ਼ਗਾਨ ਸਿੰਘਾਂ ਦਾ ਟਾਕਰਾ ਨਾ ਕਰ ਸਕੇ। ਸਿੰਘਾਂ ਦੇ ਅੱਗੇ ਲੱਗ ਕੇ ਮੈਦਾਨੋਂ ਭੱਜ ਨਿਕਲੇ। ਜਹਾਨ ਖਾਨ ਦਾ ਸਹਾਇਕ ਅਤਾਈ ਖਾਨ ਆਪਣੀ ਭਾਰੀ ਫੌਜ ਲੈ ਕੇ ਆ ਗਿਆ, ਜਿਸ ਨਾਲ ਮੈਦਾਨ-ਏ-ਜੰਗ ਦੀ ਰੂਪ-ਰੇਖਾ ਬਦਲ ਗਈ। ਇਸ ਘਮਸਾਨ ਦੀ ਜੰਗ ਅੰਦਰ ਸਿੱਖਾਂ ਦਾ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ। ਸਿੰਘ ਇਕ-ਇਕ ਕਰਕੇ ਸ਼ਹੀਦ ਹੋਣ ਲੱਗੇ।
ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਚਾਟੀਵਿੰਡ ਦਰਵਾਜੇ ਦੇ ਨੇੜੇ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਪੁੱਜ ਗਏ। ਬਾਬਾ ਦੀਪ ਸਿੰਘ ਜੀ 8 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਆਉਂਦੇ ਹੋਏ ਅੱਗੇ ਵਧਦੇ ਜਾ ਰਹੇ ਸਨ। ਉਹ ਸਖ਼ਤ ਜਖ਼ਮੀ ਹੋ ਗਏ ਸਨ। ਅਫ਼ਗਾਨ ਦੁਸ਼ਮਣ ਦਾ ਇੱਕ ਕਮਾਂਡਰ ਅਮਾਨ ਖਾਨ ਅੱਗੇ ਵਧਿਆ ਤੇ ਬਾਬਾ ਜੀ ‘ਤੇ ਵਾਰ ਕਰਨ ਲੱਗਾ। ਅੱਗੋਂ ਬਾਬਾ ਜੀ ਨੇ ਵੀ ਵਾਰ ਕੀਤਾ। ਇਸ ਸਾਂਝੇ ਵਾਰ ਵਿੱਚ ਬਾਬਾ ਜੀ ਨੇ ਉਸ ਮੁਗ਼ਲ ਕਮਾਂਡਰ ਨੂੰ ਤਾਂ ਥਾਂ ‘ਤੇ ਹੀ ਖ਼ਤਮ ਕਰ ਦਿੱਤਾ ਪਰ ਨਾਲ ਹੀ ਇਨ੍ਹਾਂ ਦੀ ਧੌਣ ‘ਤੇ ਇੱਕ ਘਾਤਕ ਘਾਉ ਲੱਗਾ, ਜਿਸ ਨਾਲ ਬਾਬਾ ਜੀ ਦਾ ਸੀਸ ਧੜ ਤੋਂ ਅਲੱਗ ਹੋ ਗਿਆ। ਬਾਬਾ ਜੀ ਦਾ ਧੜ ਜਮੀਨ ਤੇ ਡਿੱਗ ਪਿਆ। ਇੱਕ ਸਿੰਘ ਨੇ ਹੱਥ ਜੋੜਕੇ ਬਾਬਾ ਜੀ ਦੇ ਧੜ ਵੱਲ ਬੇਨਤੀ ਕੀਤੀ ‘ ਆਗੇ ਏਕ ਧਰਮ ਸਿੰਘ ਕਹਯੋ, ਬਚਨ ਤੁਮਾਰਾ ਦੀਪ ਸਿੰਘ ਰਹਯੋ ‘ ਫੇਰ ਕੀ ਸੀ ਬਚਨ ਕੇ ਬਲੀ ਸ਼ੂਰਬੀਰ ਯੋਧੇ ਬਾਬਾ ਜੀ ਦਾ ਧੜ ਹਰਕਤ ਵਿੱਚ ਆ ਗਿਆ ਤੇ ਉਨ੍ਹਾਂ ਆਪਣਾ ਪਾਵਨ ਸ਼ੀਸ਼ ਖੱਬੇ ਹੱਥ ‘ਤੇ ਧਰ ਕੇ ਆਪਣਾ ਸਵਾ ਮਣ ਦਾ ਖੰਡਾ ਵੋਹੰਦੇ ਹੋਏ ਲੜਦੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਤਕ ਜਾ ਪਹੁੰਚੇ। ਇਥੋਂ ਤਕ ਪਹੁੰਚਦਿਆਂ ਬਾਬਾ ਜੀ ਨੇ ਕਈ ਪਠਾਣ ਤੇ ਅਫ਼ਗਾਨ ਮਾਰ ਮੁਕਾਏ ਸਨ। ਇਸ ਤਰ੍ਹਾਂ ਇਸ ਘਮਸਾਨ ਦੀ ਜੰਗ ਅੰਦਰ ਅਫ਼ਗਾਨ ਜਰਨੈਲਾਂ ਦੇ ਮਾਰੇ ਜਾਣ ਨਾਲ ਅਫ਼ਗਾਨੀ ਫੌਜ ਦੇ ਹੌਸਲੇ ਟੁੱਟ ਗਏ ਤੇ ਬਾਬਾ ਦੀਪ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਪਹੁੰਚ ਕੇ ਸ਼ਹੀਦੀ ਪ੍ਰਾਪਤ ਕਰ ਗਏ।