ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿਛਲੇ ਸਾਲ ਤੋਂ ਬੰਦ ਪਏ ਸਿੱਖਾਂ ਦੇ ਧਾਰਮਿਕ ਸਥਾਨ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਨੂੰ ਖੋਲ੍ਹ ਦੇਣਾ ਚਾਹੀਦਾ ਹੈ।
ਬੀਬਾ ਬਾਦਲ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਪਿਛਲੇ 16 ਮਹੀਨਿਆਂ ਤੋਂ ਬੰਦ ਕੀਤਾ ਗਿਆ ਹੈ। ਭਾਰਤ ਸਰਕਾਰ ਨੇ ਸਾਰੇ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਹੈ ਤਾਂ ਫਿਰ ਸਿੱਖ ਕੌਮ ਨਾਲ ਅਜਿਹਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ।
ਇਸ ਮੁੱਦੇ ‘ਤੇ ਕੈਪਟਨ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਨ੍ਹਾਂ ਨੂੰ ਇਸ ਮਾਮਲੇ ਦੀ ਪੈਰਵੀ ਕਰਨੀ ਚਾਹੀਦੀ ਹੈ, ਉਹ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਵਿੱਚ ਰੁੱਝੇ ਹੋਏ ਹਨ।
ਦੱਸ ਦੇਈਏ ਕਿ ਬੀਤੇ ਸਾਲ ਕੋਰੋਨਾ ਮਹਾਮਾਰੀ ਕਰਕੇ 16 ਮਾਰਚ ਨੂੰ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਹਿਲੀ ਲਹਿਰ ਤੋਂ ਬਾਅਦ ਵੀ ਲਗਭਗ ਸਾਰੀਆਂ ਪਾਬੰਦੀਆਂ ਚੁੱਕੇ ਜਾਣ ਤੋਂ ਬਾਅਦ ਵੀ ਇਸ ਨੂੰ ਨਹੀਂ ਖੋਲ੍ਹਿਆ ਗਿਆ। ਕਈ ਧਾਰਮਿਕ ਸ਼ਖਸੀਅਤਾਂ ਲਗਾਤਾਰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਪ੍ਰਧਾਨ ਮੰਤਰੀ ਮੋਦੀ ਨੂੰ ਕਰ ਰਹੀਆਂ ਹਨ ਪਰ ਪੀਐਮ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਹੋਰ ਵਧਿਆ ਬਿਜਲੀ ਸੰਕਟ- ਰੋਪੜ ਤੇ ਲਹਿਰਾ ਮੁਹੱਬਤ ਦੇ ਥਰਮਲ ਪਲਾਂਟਾਂ ਦੀਆਂ ਦੋ ਹੋਰ ਯੂਨਿਟਾਂ ਹੋਈਆਂ ਬੰਦ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਇਸ ਸਾਲ ਅਪ੍ਰੈਲ ਵਿੱਚ ਪੀਐਮ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਉਥੇ ਹੀ ਬੀਬੀ ਜਗੀਰ ਕੌਰ ਨੇ ਵੀ ਇਸ ਗੱਲ ‘ਤੇ ਨਾਰਾਜ਼ਗੀ ਜਤਾਈ ਕਿ ਕੋਰੋਨਾ ਤੋਂ ਬਾਅਦ ਹੁਣ ਲਗਭਗ ਸਾਰੀਆਂ ਧਾਰਮਿਕ ਥਾਵਾਂ, ਮੰਦਰਾਂ, ਗੁਰਦੁਆਰਿਆਂ ਨੂੰ ਖੋਲ੍ਹ ਦਿੱਤਾ ਗਿਆ ਹੈ ਪਰ ਕਰਤਾਰਪੁਰ ਲਾਂਘਾ ਬੰਦ ਹੋਣ ਨੂੰ ਪੂਰੇ ਇੱਕ ਸਾਲ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ।