Ban on Punjab Civil Secretariat : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਚੱਲਦਿਆਂ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿਚ ਆਮ ਲੋਕਾਂ ਦੀ ਐਂਟਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਵੱਲੋਂ ਇਸ ਸਬੰਧੀ ਹੁਕਮ ’ਤੇ ਦਸਤਖਤ ਕਰ ਦਿੱਤੇ ਗਏ ਹਨ, ਜਿਸ ਨਾਲ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦੀ ਸਥਿਤੀ ਵਿਚ ਵਧੀਕ ਸਕੱਤਰ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਸ ਦੇ ਨਾਲ ਹੀ ਕੋਈ ਵੀ ਜ਼ਰੂਰੀ ਡਾਕ ਆਦਿ ਰਿਸੈਪਸ਼ਨ ਕਾਊਂਟਰ ’ਤੇ ਤਾਇਨਾਤ ਕਰਮਚਾਰੀਆਂ ਨੂੰ ਡਲੀਵਰ ਕੀਤੀ ਜਾਵੇਗੀ। ਸਰਕਾਰ ਵੱਲੋਂ ਫੈਲਾਅ ਨੂੰ ਰੋਕਣ ਸਬੰਧੀ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਲਈ ਸਮੂਹ ਨਾਗਰਿਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਕਈ ਅਫਸਰ ਤੇ ਸਕੱਤਰੇਤ ਦੇ ਮੁਲਾਜ਼ਮ ਦੇ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਪੰਜਾਬ ਦੇ ਰੂਰਲ ਡਿਵੈਲਪਮੈਂਟ ਵਿਭਾਗ ਦੇ ਡਾਇਰੈਕਟਰ ਆਈਏਐਸ ਅਧਿਕਾਰੀ ਵਿਪੁਲ ਉੱਜਵਲ ਦੀ ਰਿਪੋਰਟ ਵਿਚ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਦੇ ਸੰਪਰਕ ਵਿਚ ਆਏ ਕਈ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਉਨ੍ਹਾਂ ਨਾਲ ਸੰਪਰਕ ਵਿਚ ਆਉਣ ਕਰਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ।