ਪੰਜਾਬ ਦੀ ਬਠਿੰਡਾ ਪੁਲਿਸ ਨੇ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ। ਇਸ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਮੂਹ ਥਾਣਿਆਂ ਅਤੇ ਸ਼ਾਮ ਕੇਂਦਰਾਂ ਵੱਲੋਂ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਸਕੂਲ-ਕਾਲਜਾਂ, ਪੇਂਡੂ ਕੇਂਦਰਾਂ, ਜ਼ਿਲ੍ਹਾ ਸਮਾਜਿਕ ਕੇਂਦਰਾਂ, ਪੁਲਿਸ ਵਿਭਾਗ ਬਠਿੰਡਾ ਦੇ ਸੋਸ਼ਲ ਮੀਡੀਆ ਅਤੇ ਹੋਰ ਵਪਾਰਕ ਅਦਾਰਿਆਂ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।
SSP ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 1 ਜਨਵਰੀ 2023 ਤੋਂ ਹੁਣ ਤੱਕ NDPS ਐਕਟ ਤਹਿਤ 524 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ 488 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 4 ਕਿਲੋ 762 ਗ੍ਰਾਮ ਹੈਰੋਇਨ, 30 ਕਿਲੋ 362 ਗ੍ਰਾਮ ਅਫੀਮ, 1574 ਕਿਲੋ 370 ਗ੍ਰਾਮ ਭੁੱਕੀ, 1,26,397 ਨਸ਼ੀਲੇ ਕੈਪਸੂਲ ਅਤੇ 665 ਨਸ਼ੀਲੀਆਂ ਸ਼ੀਸ਼ੀਆਂ ਅਤੇ 119 ਵਾਹਨ ਸਮੇਤ ਵੱਖ-ਵੱਖ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : NCRB ਦੀ ਰਿਪੋਰਟ ‘ਚ ਵੱਡਾ ਖੁਲਾਸਾ ! ਪੰਜਾਬ ‘ਚ 7 ਸਾਲਾਂ ‘ਚ ਨਸ਼ੇ ਕਾਰਨ ਹੋਈਆਂ 544 ਮੌ.ਤਾਂ
SSP ਖੁਰਾਣਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਪੁਲਿਸ ਨਸ਼ੇ ਦੇ ਸੌਦਾਗਰਾਂ ਵਿਰੁੱਧ ਹੋਰ ਸਖ਼ਤ ਕਦਮ ਚੁੱਕੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਬਠਿੰਡਾ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਆਪਣੇ ਇਲਾਕੇ ਦੇ ਨਜ਼ਦੀਕੀ ਪੁਲਿਸ ਸਟੇਸ਼ਨਾਂ ਨੂੰ ਦਿੰਦੇ ਰਹਿਣ ਤਾਂ ਜੋ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: