ਫਿਰੋਜ਼ਪੁਰ ਦੇ ਗੁਰੂਹਰਸਹਾਏ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਇੰਚਾਰਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਗੁਰਮੀਤ ਸਿੰਘ ਅਤੇ ਪੰਚਾਇਤ ਸਕੱਤਰ ਪ੍ਰੀਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ’ਤੇ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁਅੱਤਲ ਕੀਤੇ ਗਏ ਦੋਸ਼ੀਆਂ ਨੂੰ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮਾਂ ਤਹਿਤ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਮੁਅੱਤਲੀ ਦੀ ਮਿਆਦ ਦੌਰਾਨ ਮੁਲਜ਼ਮਾਂ ਦਾ ਮੁੱਖ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਰਹੇਗਾ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਹਾਲ ਹੀ ਵਿੱਚ ਪੰਜਾਬ ਵਿੱਚ SC ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ 6 ਅਧਿਕਾਰੀਆਂ ਦੀ ਮਿਲੀਭੁਗਤ ਹੋਣ ਦੀ ਪੁਸ਼ਟੀ ਹੋਣ ’ਤੇ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਇਨ੍ਹਾਂ ਵਿੱਚ ਸਮਾਜਿਕ ਨਿਆਂ ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ 4 ਅਧਿਕਾਰੀ ਅਤੇ ਵਿੱਤ ਵਿਭਾਗ ਨਾਲ ਸਬੰਧਤ 2 ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ : ਦਿੱਲੀ-NCR ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.8 ਰਹੀ ਤੀਬਰਤਾ
ਇਨ੍ਹਾਂ ਵਿੱਚ ਵਜ਼ੀਫ਼ਾ ਸਕੀਮ ਦੇ ਇੰਚਾਰਜ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਗਿੱਲ, ਸੁਪਰਡੈਂਟ ਰਜਿੰਦਰ ਚੋਪੜਾ, ਸੀਨੀਅਰ ਸਹਾਇਕ ਰਾਕੇਸ਼ ਅਰੋੜਾ, ਬਲਦੇਵ ਸਿੰਘ, ਵਿੱਤ ਵਿਭਾਗ ਦੇ ਡੀਸੀਐਫਏ ਚਰਨਜੀਤ ਸਿੰਘ ਅਤੇ ਸੈਕਸ਼ਨ ਅਫ਼ਸਰ ਮੁਕੇਸ਼ ਭਾਟੀਆ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: