ਅੰਮ੍ਰਿਤਸਰ : ਪੰਜਾਬ ਦੇ ਭਾਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ 16 ਮਾਰਚ, 2022 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਸਥਾਨ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰੋਡ ਸ਼ੋਅ ਦੌਰਾਨ ਆਪਣੇ ਸੰਬੋਧਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਨਵੀਂ ਚੁਣੀ ਗਈ ਸਰਕਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ‘ਚ ਪੂਰਾ ਭਰੋਸਾ ਰੱਖਣ ਵਾਲੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪਹਿਲੇ ਦਿਨ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ।
ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਦਿਨ ‘ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਪ੍ਰਣ ਲੈਣ ਲਈ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ‘ਆਪ’ ਹੀ ਸੀ, ਜਿਸ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕਰਵਾਉਣ ਦੀ ਕਨਵੈਨਸ਼ਨ ਨੂੰ ਤੋੜਿਆ ਹੈ ਕਿਉਂਕਿ ਇਸ ਤੋਂ ਪਹਿਲਾਂ ਰਾਜ ਭਵਨ ਵਿਖੇ ਅਜਿਹੇ ਸਮਾਗਮ ਕਰਵਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਾ ਹੈ।
ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਹ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਦਫਤਰਾਂ ਵਿੱਚ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ ਅਤੇ ਹੁਣ ਸਿਰਫ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਹੀ ਲਗਾਈਆਂ ਜਾਣਗੀਆਂ। ਲੋਕਾਂ ਦਾ ਧੰਨਵਾਦ ਕਰਦੇ ਹੋਏ ਮਾਨ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ‘ਆਪ’ ਨੂੰ ਘੱਟ ਸਮਝ ਕੇ ਨਵੀਂ ਸਰਕਾਰ ਬਣਾਉਣ ਲਈ ਕਮਰ ਕੱਸ ਰਹੀਆਂ ਸਨ ਪਰ ਲੋਕਾਂ ਦੀ ਏਕਤਾ ਨੇ ‘ਆਪ’ ਦੇ ਹੱਕ ‘ਚ 92 ਸੀਟਾਂ ਦੇ ਵੱਡੇ ਫਤਵੇ ਨਾਲ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਹ ਵੀ ਪੜ੍ਹੋ : ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਕੱਲ੍ਹ ਸਾਂਸਦ ਦੇ ਅਹੁਦੇ ਤੋਂ ਦੇਣਗੇ ਅਸਤੀਫਾ
ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ, ਨਵੇਂ ਚੁਣੇ ਗਏ ਵਿਧਾਇਕ, ਸੀਨੀਅਰ ਆਗੂ ਅਤੇ ਵਲੰਟੀਅਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ। .