ਚੰਡੀਗੜ੍ਹ : ਲੁਧਿਆਣਾ ਦੇ ਡੀਸੀ ਦੀ ਬਦਲੀ ਨੂੰ ਲੈ ਕੇ ਭਖ ਰਹੀ ਸਿਆਸਤ ਵਿਚਾਲੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਵੱਡਾ ਫੈਸਲਾ ਲੈਂਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੂੰ ਬਦਲਣ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਦਮ ਨੂੰ ਰੱਦ ਕਰ ਦਿੱਤਾ ਹੈ।
ਈਸੀਆਈ ਨੇ ਮੌਜੂਦਾ ਡੀਸੀ ਵਰਿੰਦਰ ਕੁਮਾਰ ਸ਼ਰਮਾ ਦੀ ਥਾਂ ਕਿਸੇ ਹੋਰ ਆਈਏਐਸ ਅਧਿਕਾਰੀ ਨੂੰ ਨਿਯੁਕਤ ਕਰਨ ਦੇ ਸੂਬਾ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਚੰਨੀ ਸਰਕਾਰ ਨੇ ਵਰਿੰਦਰ ਸ਼ਰਮਾ ਦਾ ਤਬਾਦਲਾ ਕਰਨ ਅਤੇ ਉਨ੍ਹਾਂ ਦੇ ਥਾਂ ਵਿੱਚ ਇੱਕ ਹੋਰ ਆਈਏਐਸ ਅਧਿਕਾਰੀ ਤਾਇਨਾਤ ਕਰਨ ਲਈ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਸੀ।
ਈ. ਸੀ. ਆਈ. ਦੀਆਂ ਹਿਦਾਇਤਾਂ ਮੁਤਾਬਕ, ਕਿਸੇ ਚੋਣ ਵਰ੍ਹੇ ਦੌਰਾਨ ਵੋਟਰ ਸੂਚੀਆਂ ਦੀ ਸੋਧ ਵਿੱਚ ਲੱਗੇ ਕਿਸੇ ਵੀ ਅਧਿਕਾਰੀ ਦੇ ਤਬਾਦਲੇ ਦੀ ਲੋੜ ਦੇ ਮਾਮਲੇ ਵਿੱਚ ਕਮਿਸ਼ਨ ਦੀ ਪਹਿਲਾਂ ਤੋਂ ਮਨਜ਼ੂਰੀ ਲਾਜ਼ਮੀ ਸੀ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਹ ਦੋਸ਼ ਲਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਸੀਨੀਅਰ ਕਾਂਗਰਸੀ ਆਗੂ ਤੇ ਮੰਤਰੀ ਦੇ ਦਬਾਅ ਹੇਠ ਵਰਿੰਦਰ ਕੁਮਾਰ ਸ਼ਰਮਾ ਦੇ ਤਬਾਦਲੇ ਦੀ ਇਜਾਜ਼ਤ ਮੰਗ ਰਹੀ ਹੈ, ਹਾਲਾਂਕਿ ਮੁੱਖ ਮੰਤਰੀ ਚੰਨੀ ਇਸ ਕਦਮ ਦੇ ਹੱਕ ਵਿੱਚ ਨਹੀਂ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਹੀ ਭੜਕੇ ਕਿਸਾਨ, ਪੁਲਿਸ ਨੇ ਲੀਡਰਾਂ ਨੂੰ ਮਾਰੇ ਧੱਕੇ, ਮਨਾਉਣ ਪਹੁੰਚੇ CM ਚੰਨੀ
ਇਸ ਮੁੱਦੇ ਕਰਕੇ ਲੁਧਿਆਣਾ ਵਿੱਚ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਪਾਰਟੀ ‘ਆਪ’ ਨੇ ਤਾਂ ਪੰਜਾਬ ਸਰਕਾਰ ਵੱਲੋਂ ਮੌਜੂਦਾ ਡੀਸੀ ਵਰਿੰਦਰ ਕੁਮਾਰ ਸ਼ਰਮਾ ਦੇ ਤਬਾਦਲੇ ਦੀ ਯੋਜਨਾ ‘ਤੇ ਅੱਗੇ ਵਧਣ ਦੀ ਸੂਰਤ ‘ਚ ਵੱਡੇ ਪੱਧਰ ‘ਤੇ ਅੰਦੋਲਨ ਦੀ ਧਮਕੀ ਦਿੱਤੀ ਸੀ।
ਪੰਜਾਬ ਸਰਕਾਰ ਦੇ ਇਸ ਫੈਸਲੇ ਖਿਲਾਫ ਬੋਲਦਿਆਂ ਆਮ ਆਦਮੀ ਪਾਰਟੀ ਲੁਧਿਆਣਾ ਦੇ ਲੋਕ ਸਭਾ ਇੰਚਾਰਜ ਅਮਨਦੀਪ ਸਿੰਘ ਸੋਹੀ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਡੀਸੀ ਨੂੰ ਉਸ ਦੀ ਇਮਾਨਦਾਰੀ ਅਤੇ ਸਹੀ ਵਤੀਰੇ ਲਈ ਸਜ਼ਾ ਭੁਗਤਣੀ ਪੈ ਰਹੀ ਹੈ।