BJP protests continue : ਪਟਿਆਲਾ : ਪੰਜਾਬ ਵਿੱਚ ਪਿਛਲੇ ਲਗਭਗ ਚਾਰ ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਤੱਕ ਕਿਸਾਨਾਂ ਤੇ ਸਰਕਾਰ ਵਿਚਾਲੇ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਆਪਣਾ ਰੋਸ ਦਿਖਾਉਣ ਲਈ ਪੰਜਾਬ ‘ਚ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਅੱਜ ਜਿਲ੍ਹਾ ਨਾਭਾ ‘ਚ ਬੁੱਧਵਾਰ ਨੂੰ ਨਗਰ ਕੌਂਸਲ ਚੋਣਾਂ ਦੌਰਾਨ, ਭਾਜਪਾ ਦੇ ਉਮੀਦਵਾਰਾਂ ਨੇ ਪੁਲਿਸ ਸੁਰੱਖਿਆ ਹੇਠ ਨਾਮਜ਼ਦਗੀ ਪੱਤਰ ਦਾਖਲ ਕਰਨ ਆਏ ਸਨ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਨੇਤਾਵਾਂ ਨੂੰ SDM ਦਫ਼ਤਰ ਦੇ ਬਾਹਰ ਘੇਰ ਲਿਆ।
ਪੁਲਿਸ ਨੇ ਉਨ੍ਹਾਂ ਨੂੰ ਇਕ ਪਾਸੇ ਕਰ ਦਿੱਤਾ ਅਤੇ ਉਨ੍ਹਾਂ ਨੇ ਐਸਡੀਐਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂ ਇਸ ਸਮੇਂ ਐਸਡੀਐਮ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰ ਰਹੇ ਹਨ, ਜਦੋਂਕਿ ਕਿਸਾਨ ਜਥੇਬੰਦੀਆਂ ਐਸਡੀਐਮ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੀਆਂ ਹਨ। ਇਸ ਕਾਰਨ ਸ਼ਹਿਰ ਵਿੱਚ ਕਾਫੀ ਤਣਾਅ ਹੈ। ਪਿਛਲੇ ਕਾਫੀ ਸਮੇਂ ਤੋਂ ਸੂਬੇ ‘ਚ ਭਾਜਪਾ ਆਗੂਆਂ ਦਾ ਘੇਰਾਓ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੱਲ੍ਹ ਹੋਈ ਸਰਬ ਪਾਰਟੀ ਬੈਠਕ ‘ਚ ਬਲਿਊ ਸਟਾਰ ਆਪ੍ਰੇਸ਼ਨ ਦਾ ਹਵਾਲਾ ਦਿੰਦੇ ਹੋਏ ਕੇਂਦਰ ਨੂੰ ਕਿਸਾਨੀ ਮਸਲੇ ਦਾ ਜਲਦ ਹੱਲ ਲੱਭਣ ਲਈ ਕਿਹਾ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੰਗਲਵਾਰ ਨੂੰ ਜਲਾਲਾਬਾਦ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ ਸੀ। ਇਸਦੇ ਨਾਲ ਹੀ ਭਿੱਖੀਵਿੰਡ ਵਿੱਚ ਅਕਾਲੀ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਟੱਕਰ ਹੋ ਗਈ। ਦੋਵਾਂ ਘਟਨਾਵਾਂ ਵਿੱਚ 65 ਦੇ ਲਗਭਗ ਗੋਲੀਆਂ ਚਲਾਈਆਂ ਗਈਆਂ। ਇਸ ਕਾਰਨ 7 ਲੋਕ ਜ਼ਖਮੀ ਹੋ ਗਏ। ਇਸ ਸਮੇਂ ਦੌਰਾਨ ਲਾਠੀਆਂ ਵੀ ਚਲਾਈਆਂ ਗਈਆਂ ਅਤੇ ਪੱਥਰ ਵੀ ਲਗਾਏ ਗਏ। ਸੁਖਬੀਰ ਬਾਦਲ ‘ਤੇ ਹਮਲੇ ਲਈ ਕਾਂਗਰਸੀ ਵਿਧਾਇਕ ਰਮਿੰਦਰ ਆਂਵਲਾ, ਉਸ ਦੇ ਪੁੱਤਰ ਸਣੇ 3 ਦਰਜਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।