ਚੰਡੀਗੜ੍ਹ : ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਟੀਚਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ 7 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਇਸ ਰੋਸ ਮਾਰਚ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।
ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਸਤਾਏ ਹਰ ਮਿਹਨਤਕਸ਼ ਵਰਗ ਨੂੰ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣਾ ਪੈ ਰਿਹਾ ਹੈ।
ਸਾਮਰਾਜੀ ਕਾਰਪੋਰੇਟਾਂ ਪੱਖੀ ਨੀਤੀਆਂ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝੇ ਰੱਖ ਕੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਤੋਂ ਸਹੀ ਵਿੱਦਿਆ ਦਾ ਹੱਕ ਖੋਹਿਆ ਜਾ ਰਿਹਾ ਹੈ। ਇਸ ਤਰ੍ਹਾਂ ਸਿੱਖਿਆ ਦੇ ਮੁਕੰਮਲ ਨਿੱਜੀਕਰਨ ਦਾ ਸਾਮਾ ਸਿਰਜਿਆ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਲੋਕ ਵਿਰੋਧੀ ਨੀਤੀ ਨੂੰ ਤਿਆਗ ਕੇ ਸੰਘਰਸ਼ਸ਼ੀਲ ਟੀਚਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਤਾਂ ਕਿ ਉਹ ਸੜਕਾਂ ‘ਤੇ ਰੁਲਣ ਦੀ ਬਜਾਏ ਸ਼ਾਂਤ-ਚਿੱਤ ਸਕੂਲਾਂ ਵਿੱਚ ਜਾ ਕੇ ਆਪਣੇ ਵਿਦਿਆਰਥੀਆਂ ਨੂੰ ਸਹੀ ਵਿੱਦਿਆ ਦਾ ਹੱਕ ਦੇ ਸਕਣ।
ਇਹ ਵੀ ਪੜ੍ਹੋ : ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਖੜਕਾਇਆ ਹਾਈਕੋਰਟ ਦਾ ਬੂਹਾ, ਮੋਹਾਲੀ ਕੋਰਟ ਤੋਂ ਹੋਏ ਨਿਰਾਸ਼
ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਟੀਚਰਾਂ ਦੇ ਇਸ ਰੋਸ ਮਾਰਚ ਵਿੱਚ ਕਿਸਾਨਾਂ ਦਾ ਹਮਾਇਤੀ ਜੱਥਾ ਸ਼ਾਮਲ ਕਰਨ ਤੋਂ ਇਲਾਵਾ ਇਸ ਮਾਰਚ ਵਿੱਚ ਸ਼ਾਮਲ ਲੋਕਾਂ ਲਈ ਚਾਹ ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮਾਜ ਦੇ ਸਾਰੇ ਇਨਸਾਫਪਸੰਦ ਲੋਕਾਂ ਨੂੰ ਬੇਇਨਸਾਫ਼ੀਆਂ ਦੇ ਸ਼ਿਕਾਰ ਹੋ ਰਹੇ ਇਨ੍ਹਾਂ ਟੀਚਰਾਂ ਤੇ ਵਿਦਿਆਰਥੀਆਂ ਦਾ ਡਟਵਾਂ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: