ਲੁਧਿਆਣਾ : ਬੁੱਢੇ ਨਾਲੇ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਬਾਅਦ ਦੁਪਹਿਰ ਪਿੰਡ ਗੱਦੋਵਾਲ ਨੇੜੇ ਇੱਕ ਪੁਲੀ (ਛੋਟਾ ਪੁਲ) ਨੁਕਸਾਨੀ ਗਈ ਹੈ, ਜਿਸ ਤੋਂ ਬਾਅਦ ਇਸ ਨੂੰ ਵਾਹਨ ਚਾਲਕਾਂ ਲਈ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਸੂਬੇ ਦੇ ਸਾਰੇ ਜਲ ਸਰੋਤਾਂ ਵਿੱਚ ਪਾਣੀ ਦੀ ਆਮਦ ਵੱਧ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੁੱਢੇ ਨਾਲੇ, ਨਹਿਰਾਂ ਦੇ ਨਾਲ-ਨਾਲ ਸਤਲੁਜ ਦਰਿਆ ‘ਤੇ ਬਣੇ ਸਾਰੇ ਪੁਲਾਂ/ਪੁਲੀਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਅਧਿਕਾਰੀਆਂ ਨੇ ਦੇਖਿਆ ਕਿ ਬੁੱਢੇ ਨਾਲੇ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਸਬ ਤਹਿਸੀਲ ਕੂੰਮ ਕਲਾਂ ਅਧੀਨ ਪੈਂਦੇ ਪਿੰਡ ਗੱਦੋਵਾਲ ਨੇੜੇ ਇੱਕ ਪੁਲੀ ਦਾ ਕੁਝ ਹਿੱਸਾ ਨੁਕਸਾਨਿਆ ਗਿਆ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਚੌਕਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਸਦਕਾ ਹੀ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੀ ਹੈ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਨੂੰ ਤੁਰੰਤ ਮੁਰੰਮਤ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਅਤੇ ਪੁਲਿਸ ਨੇ ਪੁਲੀ ਨੂੰ ਵਾਹਨਾਂ ਦੀ ਆਵਾਜਾਈ ਲਈ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪੁਲ ਦੀ ਵਰਤੋਂ ਨਾ ਕਰਨ ਅਤੇ ਬਦਲਵੇਂ ਰਸਤੇ ਅਪਣਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਉਨ੍ਹਾਂ ਕਿਹਾ ਕਿ ਉਹ ਮੌਜੂਦਾ ਹਾਲਾਤਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਲਈ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਪਹਿਲਾਂ ਹੀ ਆਪਣੀਆਂ ਸਿਹਤ ਟੀਮਾਂ ਨੂੰ ਤਿਆਰ ਰੱਖਣ ਲਈ ਕਿਹਾ ਗਿਆ ਹੈ ਅਤੇ ਪਾਵਰਕੌਮ ਨੂੰ ਲੋੜ ਪੈਣ ‘ਤੇ ਪ੍ਰਸਤਾਵਿਤ ਰਾਹਤ ਕੇਂਦਰਾਂ ਵਿੱਚ ਬਿਜਲੀ ਸਪਲਾਈ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਮਲਿਕ ਨੇ ਅੱਗੇ ਕਿਹਾ ਕਿ ਗੋਤਾਖੋਰਾਂ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਦਾ ਸਹਿਯੋਗ ਲਿਆ ਜਾ ਸਕੇ ਅਤੇ ਕਿਹਾ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਲੋਕਾਂ ਦੀ ਮਦਦ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ IELTS ਸੈਂਟਰਾਂ ‘ਤੇ ਰੇਡ: ਬਿਨਾਂ ਲਾਇਸੈਂਸ ਤੇ ਫਾਇਰ ਸੇਫਟੀ ਤੋਂ ਚੱਲ ਰਹੇ 5 ਸੈਂਟਰ ਨੂੰ ਲਗਾਏ ਤਾਲੇ
ਹਾਲਾਂਕਿ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਸੰਭਾਵਿਤ ਖ਼ਤਰੇ ਦੇ ਨਿਪਟਾਰੇ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਔਖੀ ਘੜੀ ‘ਚ ਲੋਕਾਂ ਦੇ ਸਹਿਯੋਗ ਲਈ ਅੱਗੇ ਆਵੇ। ਮਲਿਕ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਨਾਲ ਸਥਿਤੀ ‘ਤੇ ਨਿਯਮਤ ਨਜ਼ਰ ਰੱਖ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: