ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ।
ਇਹ ਫੈਸਲਾ ਪੰਜਾਬ ਦੇ ਰੋਜ਼ਗਾਰ, ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ। ਅਮਨ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ। ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐਨ.ਡੀ.ਏ. ਜਾਂ ਸੀ.ਡੀ.ਐਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਟ੍ਰੇਨਿੰਗ ਦਾ ਵੀ ਇੰਤਜ਼ਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੇਂਦਰ ਖਿਲਾਫ ਕਿਸਾਨਾਂ ਨੇ ਵਿੱਢਿਆ ਸੰਘਰਸ਼, 2 ਜਨਵਰੀ ਨੂੰ ਅੰਮ੍ਰਿਤਸਰ ਤੇ 6 ਨੂੰ ਬਠਿੰਡਾ ‘ਚ ਵੱਡੇ ਪ੍ਰਦਰਸ਼ਨ ਦਾ ਐਲਾਨ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਨੂੰ ਸੁਰੱਖਿਆ ਅਤੇ ਫਾਇਰ ਫਾਈਟਿੰਗ ਦੀ ਸਿਖਲਾਈ ਦੇਣ ਤੋਂ ਇਲਾਵਾ ਹਥਿਆਰਬੰਦ ਸੁਰੱਖਿਆ ਸਿਖਲਾਈ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਸੀ-ਪਾਈਟ ਕੈਂਪਾਂ ਵਿੱਚ ਡਰਾਈਵਿੰਗ ਸਿਖਲਾਈ, ਜੇਸੀਬੀ/ਪੋਕਲੇਨ ਆਪ੍ਰੇਟਿੰਗ ਅਤੇ ਡਰੋਨ ਸੰਚਾਲਨ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –