ਚੰਡੀਗੜ੍ਹ: ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ ਆਉਣ ਵਾਲੇ ਚਾਰ ਸਾਲਾਂ ਵਿੱਚ 1200 ਸਬ-ਇੰਸਪੈਕਟਰਾਂ ਅਤੇ 7200 ਕਾਂਸਟੇਬਲਾਂ ਸਮੇਤ 8400 ਸਿਪਾਹੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਮੰਤਰੀ ਮੰਡਲ ਨੇ ਅਗਲੇ ਸਾਲਾਂ ਦੌਰਾਨ ਮੁਲਾਜ਼ਮਾਂ ਦੀ ਸੇਵਾਮੁਕਤੀ ਦੇ ਮੱਦੇਨਜ਼ਰ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਹਰੇਕ ਸਾਲ 2100 ਅਸਾਮੀਆਂ ਲਈ ਤਕਰੀਬਨ ਢਾਈ ਲੱਖ ਉਮੀਦਵਾਰਾਂ ਦੇ ਅਪਲਾਈ ਕਰਨ ਦੀ ਉਮੀਦ ਹੈ। ਇਹ ਸਾਰੇ ਉਮੀਦਵਾਰ ਲਿਖਤੀ ਪ੍ਰੀਖਿਆ ਪਾਸ ਕਰਨ ਦੇ ਨਾਲ-ਨਾਲ ਆਪਣੀ ਸਰੀਰਕ ਤੰਦਰੁਸਤੀ ਦੇ ਇਮਤਿਹਾਨ ਵਿੱਚੋਂ ਵੀ ਗੁਜ਼ਰਨਗੇ। ਭਰਤੀ ਪ੍ਰਕਿਰਿਆ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਾਕਾਰਤਮਕ ਪਾਸੇ ਲਾਇਆ ਜਾਵੇਗਾ ਅਤੇ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ।
ਇਸੇ ਤਰ੍ਹਾਂ ਇਹ ਭਰਤੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗੀ। ਬੁਲਾਰੇ ਮੁਤਾਬਕ ਭਰਤੀ ਸਬੰਧੀ ਇਸ਼ਤਿਹਾਰ, ਇਮਤਿਹਾਨ ਕਰਵਾਉਣ ਅਤੇ ਨਤੀਜਿਆਂ ਦੇ ਐਲਾਨ ਲਈ ਤੈਅ ਪ੍ਰਕਿਰਿਆ ਹੋਵੇਗੀ। ਇਸ ਪ੍ਰਕਿਰਿਆ ਦੇ ਤਹਿਤ ਜਨਵਰੀ ਮਹੀਨੇ ਵਿਚ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ ਅਤੇ ਲਿਖਤੀ ਪ੍ਰੀਖਿਆ ਮਈ-ਜੂਨ ਮਹੀਨੇ ਕਰਵਾਈ ਜਾਵੇਗੀ। ਇਸੇ ਤਰ੍ਹਾਂ ਸਤੰਬਰ ਮਹੀਨੇ ਵਿਚ ਫਿਜ਼ੀਕਲ ਟੈਸਟ ਹੋਵੇਗਾ ਅਤੇ ਨਵੰਬਰ ਵਿਚ ਨਤੀਜਾ ਐਲਾਨਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: