ਨਵੀਂ ਦਿੱਲੀ : ਪੰਜਾਬ ਦੇ ਸਰਹੱਦੀ ਖੇਤਰ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਮਾਮਲਿਆਂ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਸਥਾਨਕ ਟ੍ਰਾਂਸਪੋਰਟ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਕੇਂਦਰੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੀਆਂ ਦੋ ਅਹਿਮ ਸੜਕਾਂ ਦੇ ਨਿਰਮਾਣ ਅਤੇ ਅਪਗਰੇਡੇਸ਼ਨ ਲਈ ਮੰਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਦੇ ਨਾਲ ਧੁੱਸੀ ਬੰਨ ਨਜ਼ਦੀਕ ਤੋਂ ਘੋਨੇਵਾਲਾ ਰਾਮਦਾਸ ਰੋਡ਼ ਤੋਂ ਗੁਲਗੜ ਸੜਕ ਦੇ ਨਿਰਮਾਣ ਅਤੇ ਸਰਹੱਦੀ ਬਲਾਕ ਅਜਨਾਲਾ ਵਿਚ ਅਜਨਾਲਾ-ਫਤਿਹਗੜ੍ਹ ਚੂੜੀਆਂ-ਰਾਮਦਾਸ ਸੜਕ ਨੂੰ ਵਿਕਸਿਤ ਕਰਨ ਦੇ ਪ੍ਰਾਜੈਕਟਾਂ ਨੂੰ ਕੇਂਦਰੀ ਰੋਡ ਫੰਡ (ਸੀ.ਆਰ.ਐਫ) ਤਹਿਤ ਮੰਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਦੋਵਾਂ ਸੜਕਾਂ ਦੇ ਵਿਕਸਿਤ ਨਾ ਹੋਣ ਕਾਰਨ ਇਸ ਇਲਾਕੇ ਦੇ ਕਰੀਬ 100 ਪਿੰਡਾਂ ਦਾ ਵਿਕਾਸ ਰੁਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਨੇਪਰੇ ਚੜਨ ਨਾਲ ਇਸ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।
ਉਨ੍ਹਾਂ ਦੱਸਿਆ ਕਿ ਉਸਾਰੂ ਮਾਹੌਲ ਵਿਚ ਹੋਈ ਇਸ ਮੀਟਿੰਗ ਵਿਚ ਗਡਕਰੀ ਵੱਲੋਂ ਅਜਨਾਲਾ ਸ਼ਹਿਰ ਅਤੇ ਤਿੰਨ ਪਿੰਡਾਂ ਆਵਾਨ, ਗੱਗੋਵਾਲ ਅਤੇ ਥੋਬਾ ਵਿਚਲੀਆਂ ਸੜਕਾਂ ਨੂੰ ਵੀ ਰੀਹੈਬਲੀਟੇਸ਼ਨ ਤਹਿਤ ਵਿਕਸਿਤ ਕਰਨ ਲਈ ਮੰਨਜ਼ੂਰੀ ਦੇ ਦਿੱਤੀ ਗਈ ਹੈ ਜਿਸਦੇ ਫੰਡ ਹਫਤੇ ਦੇ ਅੰਦਰ-ਅੰਦਰ ਜਾਰੀ ਕਰਨ ਸਬੰਧੀ ਸ੍ਰੀ ਗਡਕਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗਡਕਰੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਸੂਬੇ ਦੀਆਂ ਹੋਰ ਸੜਕਾਂ ਨੂੰ ਵਿਕਸਿਤ ਕਰਨ ਦੇ ਪ੍ਰਾਜੈਕਟਾਂ ਨੂੰ ਵੀ ਪਹਿਲ ਦੇ ਅਧਾਰ ‘ਤੇ ਵਿਚਾਰਿਆ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ 9 ਹਜ਼ਾਰ 53 ਏਕੜ ਜ਼ਮੀਨਾਂ ਤੋਂ ਕਬਜ਼ੇ ਛੁਡਵਾਏ ਜਾ ਚੁਕੇ ਹਨ ਅਤੇ ਆਉਂਦੇ ਸਮੇਂ ਵਿਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਵਿਰੋਧੀ ਧਿਰਾਂ ਵੱਲੋਂ ਇਸ ਮੁਹਿੰਮ ਸਬੰਧੀ ਕੀਤੀ ਜਾ ਰਹੀ ਆਲੋਚਨਾ ਬਾਰੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਹੀ ਇਹ ਕਬਜ਼ੇ ਹੋਏ ਹਨ ਅਤੇ ਇਸ ਪਾਰਟੀ ਨੇ ਆਪਣੀ ਸਰਕਾਰ ਸਮੇਂ ਇਸ ਖੇਤਰ ਵਿਚ ਕੁਝ ਨਹੀਂ ਕੀਤਾ।
ਵੀਡੀਓ ਲਈ ਕਲਿੱਕ ਕਰੋ -: