ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਰਾਜਨੀਤਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ।
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਵੀਰਵਾਰ ਨੂੰ ਆਪਣੇ ਅਸਤੀਫੇ ਦੀ ਪੇਸ਼ਕਸ਼ ਕਰਦਿਆਂ ਕਿਹਾ ਸੀ ਕਿ “ਜਨਤਕ ਜੀਵਨ ਵਿੱਚ ਸਰਗਰਮ ਭੂਮਿਕਾ ਤੋਂ ਅਸਥਾਈ ਛੁੱਟੀ ਲੈਣ ਦੇ ਮੇਰੇ ਫੈਸਲੇ ਦੇ ਮੱਦੇਨਜ਼ਰ ਮੈਂ ਤੁਹਾਡੇ ਪ੍ਰਮੁੱਖ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਸੰਭਾਲਣ ਦੇ ਸਮਰੱਥ ਨਹੀਂ ਹਾਂ”। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਮੈਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕਰੋ।
ਮੁੱਖ ਮੰਤਰੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ 2017 ਦੀਆਂ ਚੋਣਾਂ ਵਿੱਚ ਪ੍ਰਸ਼ਾਂਤ ਨੇ ਕੈਪਟਨ ਲਈ ਚੋਣ ਰਣਨੀਤੀ ਘੜ ਕੇ ਪੰਜਾਬ ਵਿੱਚ ਕਾਂਗਰਸ ਲਈ 10 ਸਾਲਾਂ ਦੇ ਸੱਤਾ ਦਾ ਸੋਕਾ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਪ੍ਰਸ਼ਾਂਤ ਨੇ ਹੋਰ ਰਾਜਨੀਤਿਕ ਪਾਰਟੀਆਂ ਜਿਵੇਂ ਭਾਜਪਾ, ਆਪ, ਜੇਡੀਯੂ ਅਤੇ ਟੀਐਮਸੀ ਦੇ ਨਾਲ-ਨਾਲ ਚੋਣ ਰਣਨੀਤੀਕਾਰ ਵਜੋਂ ਵੀ ਕੰਮ ਕੀਤਾ ਹੈ।
ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਪੰਜਾਬ ਕਾਂਗਰਸ ਦੀ ਬਜਾਏ ਸੋਨੀਆ ਗਾਂਧੀ ਦੇ ਦਰਬਾਰ ਵਿੱਚ ਥਾਂ ਬਣਾਉਣ ਵਿੱਚ ਸਫਲ ਹੋਏ ਹਨ। ਇਨ੍ਹੀਂ ਦਿਨੀਂ ਉਹ ਕਾਂਗਰਸ ਹਾਈਕਮਾਨ ਨੂੰ ਸਲਾਹ ਦੇਣ ਦਾ ਕੰਮ ਕਰਨ ਲੱਗੇ ਹਨ, ਹਾਲਾਂਕਿ ਸਲਾਹਕਾਰ ਵਜੋਂ ਉਨ੍ਹਾਂ ਦੇ ਨਾਂ ਦੀ ਐਲਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਕੈਪਟਨ ਦਾ ਵਿਰੋਧ ਕਰਨ ਵਾਲੇ ਸਿੱਧੂ ਨੇ ਪ੍ਰਧਾਨ ਬਣਨ ਤੋਂ ਬਾਅਦ ਅਪਰਾਧੀਆਂ ਖਿਲਾਫ ਹੁਣ ਕਿਉਂ ਵੱਟੀ ਚੁੱਪ?- ਹਰਪਾਲ ਚੀਮਾ
ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਹੁਣ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਰਾਹੁਲ ਗਾਂਧੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਨਾਲ ਕੰਮ ਕਰਨਗੇ। ਇਸ ਦੌਰਾਨ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ 2024 ਦੀਆਂ ਲੋਕ ਸਭਾ ਚੋਣਾਂ ਤਕ ਪ੍ਰਸ਼ਾਂਤ ਕਿਸ਼ੋਰ ਦੁਆਰਾ ਸਥਾਪਤ ਕੀਤੀ ਗਈ ਕੰਪਨੀ ਆਈ-ਪੀਏਸੀ ਨਾਲ ਆਪਣਾ ਇਕਰਾਰਨਾਮਾ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ।