Captain and Harsimrat Badal expressed : ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਂਤਮਿਕ ਸ਼ਾਂਤੀ ਬਖ਼ਸ਼ਣ।
ਉਥੇ ਅਕਾਲੀ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਬਾਦਲ ਨੇ ਵੀ ਪੱਤਰਕਾਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ।
ਦੱਸਣਯੋਗ ਹੈ ਕਿ ਮੇਜਰ ਸਿੰਘ ਰੋਜ਼ਾਨਾ ਅਜੀਤ ਅਖਬਾਰ ਦੇ ਸੀਨੀਅਰ ਪੱਤਰਕਾਰ ਸਨ, ਜਿਨਾਂ ਦਾ ਸੰਖੇਪ ਬਿਮਾਰੀ ਮਗਰੋਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ। 68 ਸਾਲਾ ਮੇਜਰ ਸਿੰਘ ਆਪਣੇ ਪਿੱਛੇ ਪਤਨੀ ਤਿੰਨ ਬੇਟੇ ਅਤੇ ਇੱਕ ਧੀ ਛੱਡ ਗਏ ਹਨ। ਉਹ ਪੰਜਾਬ ਪ੍ਰੈਸ ਕਲੱਬ ਦੇ ਜਨਰਲ ਸੱਕਤਰ ਸੀ ਅਤੇ ਪਹਿਲਾਂ ਇਸ ਦੇ ਪ੍ਰਧਾਨ ਸਨ। ਉਨ੍ਹਾਂ ਪੰਜਾਬ ਪ੍ਰੈਸ ਕਲੱਬ ਦੀ ਸਥਾਪਨਾ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ। ਉਹ ਕੁਝ ਸਮੇਂ ਲਈ ਆਮ ਆਦਮੀ ਪਾਰਟੀ ਨਾਲ ਵੀ ਜੁੜੇ ਰਹੇ। ਮੇਜਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਉਨ੍ਹਾਂ ਦੇ ਦੇਹਾਂਤ ਨੇ ਪੱਤਰਕਾਰ ਭਾਈਚਾਰੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਸੋਗ ‘ਚ ਪ੍ਰੈਸ ਕਲੱਬ ਸ਼ੁੱਕਰਵਾਰ ਨੂੰ ਬੰਦ ਰਹੇਗਾ।