Captain appealed Center to withdraw : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦਿਆਂ ਦੇਖਦਿਆਂ ਪਹਿਲੀ ਅਗਸਤ ਤੱਕ ਨਵੀਂ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਛੱਡਣ ਦੇ ਹੁਕਮਾਂ ਨੂੰ ਵਾਪਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਗਾਂਧੀ ਪਰਿਵਾਰ ਦੀ ਮੈਂਬਰ ਹੋਣ ਕਰਕੇ ਉਨ੍ਹਾਂ ਦੀ ਸੁਰੱਖਿਆ ਨੂੰ ਖਤਰੇ ਦੇ ਮੱਦੇਨਜ਼ਰ SPG ਕਵਰ ਦੇ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵੀ ਬਹਾਲ ਕਰਨ ਲਈ ਕਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਸੀ ਮਤਭੇਦ ਕਿਸੇ ਵਿਅਕਤੀ ਦੀ ਸੁਰੱਖਿਆ ਦੇ ਰਾਹ ਵਿੱਚ ਨਹੀਂ ਲਿਆਉਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ ਦੀ ਸੁਰੱਖਿਆ ਸਮੁੱਚੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ’ਤੇ ਆਪਣੀ ਮਿਸਾਲ ਪੇਸ਼ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਅਕਾਲੀ ਲੀਡਰਸ਼ਿਪ ਨਾਲ ਸਿਆਸੀ ਮਤਭੇਦਾਂ ਦੇ ਬਾਵਜੂਦ ਉਨ੍ਹਾਂ ਨੇ ਨਿੱਜੀ ਤੌਰ ‘ਤੇ ਬਾਦਲ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਨਾ ਸਿਰਫ ਪ੍ਰਕਾਸ਼ ਸਿੰਘ ਬਾਦਲ ਨੂੰ ਸੂਬੇ ਵਿੱਚ ਇੱਕ ਸਰਕਾਰੀ ਰਿਹਾਇਸ਼ ਦੀ ਵਰਤੋਂ ਜਾਰੀ ਰੱਖਣ ਦੀ ਪੇਸ਼ਕਸ਼ ਕੀਤੀ ਬਲਕਿ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਕੇਂਦਰ ਦੀ ਸੁਰੱਖਿਆ ਦੇ ਨਾਲ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਕਰਮਚਾਰੀ ਤਾਇਨਾਤ ਕਰਨ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੱਤਾਧਾਰੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਮਤਭੇਦ ਦੇ ਵਿਚਾਰ ਤੋਂ ਬਿਨਾਂ ਇਹ ਸੁਰੱਖਿਆ ਜਾਰੀ ਰਹੇਗੀ।