ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਉਦੋਂ ਇਸ ਗੱਲ ਨੂੰ ਲੈ ਕੇ ਬਹੁਤ ਚਰਚਾ ਹੋਈ ਸੀ ਕਿ ਕਾਂਗਰਸ ਹਾਈ ਕਮਾਂਡ ਦਾ ਇਹ ਫੈਸਲਾ ਭਾਵੇਂ ਫੌਰ ਰਾਹਤ ਦੇਣ ਵਾਲਾ ਹੋਵੇ ਪਰ ਭਵਿੱਖ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਸਿੱਧੂ ਜ਼ਿਆਦਾ ਦਿਨ ਤੱਕ ਇਕੱਠੇ ਕੰਮ ਨਹੀਂ ਕਰ ਸਕਣਗੇ।
ਕੁਝ ਅਜਿਹਾ ਹੀ ਹੁਣ ਪੰਜਾਬ ਕਾਂਗਰਸ ਦੇ ਅੰਦਰ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਸ਼ਿਆਂ ਨਾਲ ਜੁੜੀ ਰਿਪੋਰਟ ‘ਤੇ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਸਿੱਧੂ ਦੇ ਇਸ ਕਦਮ ਨਾਲ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਨਾਰਾਜ਼ਗੀ ਜ਼ਾਹਰ ਕਰਨ ਲਈ ਅੱਜ ਦਿੱਲੀ ਵਿੱਚ ਸੋਨੀਆ ਗਾਂਧੀ ਨੂੰ ਮਿਲਣ ਪਹੁੰਚ ਗਏ ਹਨ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਕਿਨ੍ਹਾਂ ਮੁੱਦਿਆਂ ‘ਤੇ ਗੱਲ ਹੋਵੇਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਪਾਰਟੀ ਦੀ ਸੂਬਾ ਸਰਕਾਰ ਤੋਂ ਸਵਾਲ ਖੜ੍ਹੇ ਕੀਤੇ ਹਨ। ਸਿੱਧੂ ਨੇ ਟਵੀਟ ਕਰਕੇ ਪੁੱਛਿਆ ਹੈ ਕਿ ਨਸ਼ਿਆਂ ਦੀ ਵਿਕਰੀ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੀਆਂ ਵੱਡੀਆਂ ਮੱਛੀਆਂ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਦੁਆਰਾ ਬਣਾਈ ਗਈ ਐਸਆਈਟੀ ਤੋਂ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਨਾਲ ਜੁੜੇ ਮੁੱਦੇ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬੰਦ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਵਿਧਾਨ ਸਭਾ ਦੇ ਅੰਦਰ ਵਿਸ਼ੇਸ਼ ਮਤਾ ਲਿਆ ਕੇ ਤੁਰੰਤ ਜਨਤਕ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਚਾਰ IAS, IRS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ
ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਪ੍ਰਭਾਵਤ ਕਰ ਰਹੇ ਹਨ ਅਤੇ ਪਿਛਲੇ ਢਾਈ ਸਾਲਾਂ ਵਿੱਚ ਇਸ ਮਾਮਲੇ ‘ਤੇ ਮਾਣਯੋਗ ਅਦਾਲਤ ਵੱਲੋਂ ਕੋਈ ਠੋਸ ਹੁਕਮ ਨਹੀਂ ਦਿੱਤਾ ਗਿਆ ਹੈ।
ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਇੱਕ ਟਵੀਟ ਵਿੱਚ ਲਿਖਿਆ ਹੈ ਕਿ ਨਸ਼ਿਆਂ ਦੇ ਕਾਰੋਬਾਰ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ 18 ਸੂਤਰੀ ਏਜੰਡੇ ਤਹਿਤ ਕਾਂਗਰਸ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਢੁਕਵੇਂ ਕਦਮ ਨਹੀਂ ਚੁੱਕੇ ਗਏ ਅਤੇ ਦੇਰ ਹੋਈ ਤਾਂ ਰਿਪੋਰਟ ਨੂੰ ਜਨਤਕ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇਗਾ।