captain expressed grief over the death : ਖਰੜ ਦੇ ਪਿੰਡ ਤਿਓੜ ਵਿਚ ਇਕ ਕੱਚੇ ਘਰ ਵਿਚ ਅੱਗ ਲਗਣ ਦੀ ਘਟਨਾ ਵਿਚ 5 ਸਾਲਾ ਬੱਚੇ ਦੀ ਇਸ ਹਾਦਸੇ ਵਿਚ ਮੌਤ ਹੋ ਜਾਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਾਟਾਵਾ ਕੀਤਾ ਗਿਆ ਹੈ ਤੇ ਨਾਲ ਹੀ ਕੈਪਟਨ ਨੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਵੀ ਦਿੱਤੇ ਹਨ।
ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹੁਕਮ ਜਾਰੀ ਕਰਦੇ ਹੋਏ ਕਿਹਾ ਕੈ ਕਿ ਇਸ ਤਿੱਖੀ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰਖਦੇ ਹੋਏ ਅਗਲੇ ਦੋ ਮਹੀਨਿਆਂ ਤੱਕ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਸ਼ਾਰਟ ਸਰਕਟ ਵਰਗੇ ਕਈ ਕਾਂਡ ਹੋ ਸਕਦੇ ਹਨ, ਇਸ ਲਈ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ। ਇਸ ਸਬੰਧੀ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਖਾਸ ਤੌਰ ’ਤੇ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਦੱਸਣਯੋਗ ਹੈ ਕਿ ਬੀਤੇ ਮੰਗਲਵਾਰ ਖਰੜ ਦੇ ਪਿੰਡ ਤਿਊੜ ਦੇ ਝੁੱਗੀ ਝੌਂਪੜੀ ਵਾਲੇ ਇਲਾਕਿਆਂ ਵਿੱਚ ਭਾਰੀ ਅੱਗ ਲੱਗਣ ਨਾਲ ਬਹੁਤ ਭਾਰੀ ਨੁਕਸਾਨ ਹੋਇਆ, ਜਿਸ ਵਿਚ ਆਦਿੱਤਆ ਨਾਮ ਦੇ ਇਕ ਪੰਜ ਸਾਲਾ ਬੱਚੇ ਦੀ 100 ਫੀਸਦੀ ਝੁਲਸਣ ਨਾਲ ਮੌਤ ਹੋ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਵਿਚ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਰਾਹਤ ਦਿੰਦਿਆਂ 2 ਲੱਖ ਰੁਪਏ ਐਕਸ਼ ਗ੍ਰੇਸ਼ੀਆ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਪੀੜਤਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।