ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਬਾਰਸ਼ ਕਾਰਨ ਕਸੂਰ ਨਾਲੇ ਵਿੱਚ ਹੜ੍ਹਾਂ ਕਾਰਨ ਨੇੜਲੇ ਪਿੰਡਾਂ ਵਿੱਚ ਖੜ੍ਹੇ ਪਾਣੀ ਕਾਰਨ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਦੌਰਾਨ, ਮੁੱਖ ਮੰਤਰੀ ਨੇ ਜਲ ਸਰੋਤ ਦੇ ਪ੍ਰਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਕਰਮਚਾਰੀਆਂ ਦੀਆਂ ਸੇਵਾਵਾਂ ਲੈ ਕੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਇਸ ਦੇ ਨਿਕਾਸੀ ਵਿੰਗ ਦੀ ਇੱਕ ਉੱਚ ਪੱਧਰੀ ਟੀਮ ਨੂੰ ਮੌਕੇ ‘ਤੇ ਭੇਜ ਕੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਉਣ।
ਇਹ ਵੀ ਪੜ੍ਹੋ : ਜੇਲ੍ਹਾਂ ‘ਚ ਹੁਣ ਨਹੀਂ ਹੋ ਸਕਣਗੀਆਂ ਗੈਰ-ਕਾਨੂੰਨੀ ਹਰਕਤਾਂ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਉਨ੍ਹਾਂ ਟੀਮ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਪਹਿਲ ਦੇ ਆਧਾਰ ‘ਤੇ ਨਾਜ਼ੁਕ ਖੇਤਰਾਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਮਜ਼ਬੂਤ ਕਰੇ, ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਜੇਕਰ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਟੀਮਾਂ ਨੂੰ ਤਿਆਰ ਰੱਖਣ।