ਪੰਜਾਬ ਵਿਧਾਨ ਸਭਾ ਚੋਣਾਂ ਦਾ ਨੇੜੇ ਆਉਂਦੇ ਸਮੇਂ ਦੇ ਨਾਲ ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਵਾਂ ਦੇ ਐਲਾਨਾਂ ਦਾ ਸਿਲਸਿਲਾ ਜਾਰੀ ਹੈ। ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਬੀਜੇਪੀ ਨਾਲ ਗਠਜੋੜ ਕਰਕੇ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰ ਰਹੇ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਕਿ ਉਹ ਭਲਕੇ ਐਤਵਾਰ ਨੂੰ ਦੁਪਹਿਰ 2 ਵਜੇ ਮਹਿੰਦਰਾ ਬਾਗ ਸਿਸਵਾਂ ਵਿਖੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਗੇ।
ਕੈਪਟਨ ਇਸ ਗੱਲ ਦਾ ਐਲਾਨ ਕਰ ਚੁੱਕੇ ਹਨ ਕਿ ਉਹ ਪਟਿਆਲਾ ਸੀਟ ਤੋਂ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਜਨਤਾ ਤੋਂ ਵੋਟਾਂ ਮੰਗਾਂਗਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਜਿੱਤ ਹਾਸਲ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਜਾਂ ‘ਆਪ’ ਨਾਲ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਦੱਸ ਦੇਈਏ ਕਿ ਪੰਜਾਬ ਭਾਜਪਾ ਨੇ ਬੀਤੇ ਦਿਨ 34 ਉਮੀਦਵਾਰਾਂ ਦੇ ਨਾਵਾਂ ਵਾਲੀ ਆਪਣੀ ਪਹਿਲੀ ਸੂਚੀ ਦਾ ਐਲਾਨ ਕੀਤਾ, ਇਸ ਪਿੱਛੋਂ ਪਠਾਨਕੋਟ ਤੋਂ ਅਸ਼ਵਨੀ ਸ਼ਰਮਾ ਨੂੰ ਉਮੀਦਵਾਰ ਵਜੋਂ ਐਲਾਨਿਆ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਵੀ ਬੀਤੇ ਦਿਨ ਹੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਸੀ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਮੈਂਬਰ ਪਰਲੀਮੈਂਟ ਅਤੇ ਉੱਘੇ ਖਿਡਾਰੀ, ਸਮਾਜ ਸੇਵਕ ਅਤੇ ਕਿਸਾਨੀ ਅੰਦੋਲਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਲਕੇ ਐਲਾਨੀ ਜਾਣ ਵਾਲੀ ਸੂਚੀ ਵਿੱਚ ਕਿਨ੍ਹਾਂ ਨੂੰ ਥਾਂ ਮਿਲਦੀ ਹੈ।