ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।
ਇਹ ਵੀ ਪੜ੍ਹੋ : ਹਰਿਆਣਾ ਨੂਹ ਦੰਗਿਆਂ ‘ਚ ਨਿਕਲਿਆ ਪੰਜਾਬ ਦਾ ਲਿੰਕ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਦੋਸ਼ੀ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ, ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: