ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਲਖੀਮਪੁਰ ਖੀਰੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਵਾਪਸ ਲਵੇ।
ਪਾਰਟੀ ਨੇ ਇਥੇ ਪਾਰਟੀ ਪ੍ਰਧਾਨ ਸ. ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਮੀਟਿੰਗ ਵਿਚ ਇਸ ਮਾਮਲੇ ‘ਚ ਦ੍ਰਿੜ੍ਹ ਨਿਸ਼ਚਾ ਲਿਆ ਤੇ ਪਾਰਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਅਤੇ ਇਨ੍ਹਾਂ ਦਾ ਖਿਆਲ ਕਰਦਿਆਂ ਜਿੰਨੀ ਛੇਤੀ ਸੰਭਵ ਹੋ ਕੇ ਖੇਤੀ ਕਾਨੂੰਨ ਖਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਪਜੀ ਬੇਚੈਨੀ ਖਤਮ ਕਰਨ ਤੇ ਹੋਰ ਜਾਨਾਂ ਨਾ ਜਾਣਾ ਯਕੀਨੀ ਬਣਾਉਣ ਦੀ ਬੇਹੱਦ ਜ਼ਰੂਰਤ ਹੈ।
ਇਹ ਵੀ ਪੜ੍ਹੋ :ਪੰਜਾਬ ਸਰਕਾਰ ਦਾ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਦਿੱਤੀ ਇਹ ਵੱਡੀ ਖ਼ੁਸ਼ਖ਼ਬਰੀ
ਕੋਰ ਕਮੇਟੀ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਖੀਮਪੁਰ ਵਿਖੇ ਮਾਸੂਮ ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਭੜਕਾਊ ਭਾਸ਼ਣ ਸਮੇਤ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ। ਕੋਰ ਕਮੇਟੀ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਲਖੀਮਪੁਰ ਖੀਰੀ ਜਾ ਰਹੇ ਅਕਾਲੀ ਦਲ ਦੇ ਵਫਦ ਨੂੰ ਰਾਹ ਵਿਚ ਰੋਕਣ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਨਿਖੇਧੀ ਕੀਤੀ।
ਕੋਰ ਕਮੇਟੀ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਕਿਸ ਤਰੀਕੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀ ਹੈ। ਕਮੇਟੀ ਨੇ ਕਿਹਾ ਕਿ ਆਪ ਸਰਕਾਰ ਅਕਾਲੀ ਦਲ ਵੱਲੋਂ ਸਪਸ਼ਟ ਬਹੁਮਤ ਹਾਸਲ ਕਰਨ ਦੇ ਬਾਵਜੂਦ ਆਪ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਹਾਊਸ ਦਾ ਗਠਨ ਨਹੀਂ ਹੋਣ ਦੇ ਰਹੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸ. ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦਾ ਮੈਂਬਰ ਬਣਨ ਤੋਂ ਰੋਕਣ ਲਈ ਕਿਸ ਤਰੀਕੇ ਦੇ ਫਿਲਮੀ ਆਧਾਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਸਾ ਦੀ ਨਾਮਜ਼ਦਗੀ ਸਾਰੇ ਪੱਖਾਂ ਤੋਂ ਦਰੁੱਸਤ ਹੈ ਤੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਪੰਜਾਬੀ ਭਾਸ਼ਾ ਤੋਂ ਚੰਗੀ ਤਰ੍ਹਾਂ ਜਾਣੂ ਹਨ ਪਰ ਜਾਣ ਬੁੱਝ ਕੇ ਬਹਾਨ ਬਣਾ ਕੇ ਉਨ੍ਹਾਂ ਦੀ ਨਾਮਜ਼ਦਗੀ ਰੱਦ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਕਮੇਟੀ ਚੋਣਾਂ ਜਿੱਤ ਚੁੱਕੇ ਅਕਾਲੀ ਦਲ ਦੇ 7 ਤੋਂ 8 ਮੈਂਬਰਾਂ ਨੁੰ ਝੂਠੇ ਕੇਸਾਂ ਵਿਚ ਫਸਾ ਕੇ ਉਹਨਾਂ ਨੁੰ ਡਰਾਇਆ ਧਮਕਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ :ਹਿਮਾਚਲ ਸਣੇ 4 ਰਾਜਾਂ ‘ਚ ਲੋਕ ਸਭਾ ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਇਨ੍ਹਾਂ ਨਾਵਾਂ ‘ਤੇ ਠੱਪਾ
ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਸੰਵਿਧਾਨਕ ਸੰਸਥਾਵਾਂ ਨੂੰ ਖ਼ਤਮ ਕਰਨ ’ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਹਾਲਤ ਵਿਚ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਸਿੱਧਾ ਦਖਲ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਗੁਰੂ ਧਾਮਾਂ ਦਾ ਲੰਬੇ ਸੰਘਰਸ਼ ਤੋਂ ਬਾਅਦ ਮਹੰਤਾਂ ਤੋਂ ਕਬਜ਼ਾ ਛੁਡਵਾਇਆ ਤੇ ਕੌਮ ਹੁਣ ਵੀ ਕਾਨੂੰਨ ਮੁਤਾਬਕ ਲੜਾਈ ਲੜ ਕੇ ਯਕੀਨੀ ਬਣਾਏਗੀ ਕਿ ਦਿੱਲੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਕਾਇਮ ਹੋਣ।
ਦੇਖੋ ਵੀਡੀਓ : Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe
ਇਸ ਮੌਕੇ ਕੋਰ ਕਮੇਟੀ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਨਿਰਮਲ ਸਿੰਘ ਕਾਹਲੋਂ, ਡਾ. ਦਲਜੀਤ ਸਿੰਘ ਚੀਮਾ, ਜਥੇ. ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ ਤੇ ਬਲਦੇਵ ਸਿੰਘ ਮਾਨ ਵੀ ਸ਼ਾਮਲ ਸਨ।