Changed time of : ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਥੇ ਕੋਰੋਨਾ ਨੂੰ ਕੰਟਰੋਲ ਕਰਨ ਲਈ ਨਿਯਮਾਂ ‘ਚ ਸਖਤੀ ਵਰਤੀ ਜਾ ਰਹੀ ਹੈ ਪਰ ਫਿਰ ਵੀ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ।
ਜਿਲ੍ਹਾ ਪ੍ਰਸ਼ਾਸਨ ਨੇ ਵੀ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਕਮਰ ਕੱਸੀ ਹੋਈ ਹੈ। ਇਸ ਤਹਿਤ ਹੁਣ ਲੁਧਿਆਣਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ, ਜਿਸ ਦੇ ਚੱਲਦਿਆਂ ਹੁਣ ਲੁਧਿਆਣਾ ਜ਼ਿਲ੍ਹੇ ‘ਚ ਸਰਕਾਰੀ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਨਵੇਂ ਆਦੇਸ਼ਾਂ ਮੁਤਾਬਕ ਜਿਲ੍ਹਾ ਲੁਧਿਆਣਾ ਵਿਚ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ 11.15 ਵਜੇ ਤੱਕ ਹੀ ਖੁੱਲਣਗੇ ਤੇ ਅਗਲੇ ਹੁਕਮਾਂ ਤੱਕ ਸਰਕਾਰੀ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ।
ਵਿਦਿਆਰਥੀਆਂ ਤੇ ਮਾਪਿਆਂ ਨੂੰ ਸਕੂਲ ਨਹੀਂ ਬੁਲਾਇਆ ਜਾਵੇਗਾ ਸਿਰਫ 50 ਫੀਸਦੀ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਹੀ ਹਾਜ਼ਰ ਹੋਵੇਗਾ। ਸੂਬੇ ਭਰ ਦੇ ਹੋਰ ਬਹੁਤ ਸਾਰੇ ਸਕੂਲਾਂ ਵਿਚ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ ਜਿਸ ਕਾਰਨ ਹੋਰਨਾਂ ਜਥੇਬੰਦੀਆਂ ਵੱਲੋਂ ਇਸ ਫੈਸਲੇ ਦਾ ਸਮਰਥਨ ਕੀਤਾ ਗਿਆ ਹੈ ਤੇ ਪੰਜਾਬ ਭਰ ਦੇ ਸਕੂਲਾਂ ਦਾ ਸਮਾਂ ਸਵੇਰੇ 8 ਤੋਂ 11.15 ਵਜੇ ਤੱਕ ਰੱਖਣ ਦੀ ਅਪੀਲ ਕੀਤੀ ਗਈ ਹੈ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਤੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ।