Channy accused the : ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲਿਆਂ ਦੇ ਹੱਲ ਦੀ ਬਜਾਏ ਈਡੀ ਅਤੇ ਸੀਬੀਆਈ ਕੇਸ ਦਰਜ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਥੇ ਜਾਰੀ ਇਕ ਬਿਆਨ ‘ਚ ਚੰਨੀ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਅਜਿਹੇ ਕੰਮਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਰਾਜ ਦੇ ਲੋਕ, ਕਾਂਗਰਸ ਪਾਰਟੀ ਅਤੇ ਰਾਜ ਸਰਕਾਰ ਮੁੱਖ ਮੰਤਰੀ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਐਨਡੀਏ ਸਰਕਾਰ ਕਿਸਾਨਾਂ ਦੇ ਵਿਰੋਧ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਕਿਹਾ ਕਿ ਸਰਕਾਰ ਦੇ ਅੜੀਅਲ ਰਵੱਈਏ ਤੋਂ ਜ਼ਾਹਿਰ ਹੁੰਦਾ ਹੈ ਕਿ ਉਹ ਕਿਸਾਨਾਂ ਵੱਲੋਂ ਉਠਾਈਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹਨ।
ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੇਂਦਰ ਦੇ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ‘ਚ ਪਹਿਲਾਂ ਹੀ ਚਾਰ ਬਿੱਲ ਪਾਸ ਕਰ ਚੁੱਕੀ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਇਤਿਹਾਸਕ ਬਿੱਲਾਂ ਨੂੰ ਹਜ਼ਮ ਕਰਨ ਦੇ ਕਾਬਿਲ ਨਹੀਂ ਹੈ। ਮੰਤਰੀ ਨੇ ਕਿਹਾ ਕਿ ਇਤਿਹਾਸ ਦੱਸਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਪੰਜਾਬ ਦੇ ਲੋਕਾਂ ਨਾਲ ਠੋਸ ਹਨ ਅਤੇ ਰਾਜ ਦੇ ਹਿੱਤਾਂ ਜਾਂ ਪਾਣੀ ਸਮਝੌਤੇ ਦੇ ਬਿੱਲਾਂ ਦੀ ਸਮਾਪਤੀ ਲਈ ਲੋਕ ਸਭਾ ਤੋਂ ਅਸਤੀਫਾ ਦੇ ਦਿੰਦੇ ਹਨ।
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ ਸੀ। ਜਿਸ ਸਰਕਾਰ ‘ਤੇ 40 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਮੰਥਨ ਕੀਤਾ। ਕਿਸਾਨਾਂ ਵਲੋਂ ਇਸ ਲਿਖਤੀ ਪ੍ਰਸਤਾਵ ਨੂੰ ਮੰਨਣ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਹੈ। ਕਿਸਾਨਾਂ ਦੀ ਨਾਂਹ ਤੋਂ ਸਾਫ਼ ਹੋ ਗਿਆ ਹੈ ਕਿ ਉਹ ਅੰਦੋਲਨ ਦਾ ਰਾਹ ਨਹੀਂ ਛੱਡਣਗੇ। ਕਿਸਾਨਾਂ ਵੱਲੋਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਉਹ ਹੋਰ ਕੋਈ ਬਦਲ ਨਹੀਂ ਚਾਹੁੰਦੇ। ਕਿਸਾਨਾਂ ਵੱਲੋਂ ਪ੍ਰਸਤਾਵ ਨੂੰ ਖਾਰਜ ਕਰਨ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੇ ਤੇ ਇਹ ਬੈਠਕ ਲਗਭਗ ਢਾਈ ਘੰਟੇ ਚੱਲੀ।