ਮੋਹਾਲੀ : ਚੰਡੀਗੜ੍ਹ ਵਿੱਚ ਬੀਤੇ ਹਫਤੇ ਭਾਜਪਾ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਆਮ ਆਦਮੀ ਪਾਰਟੀ ਦੇ ਮਹਿਲਾ ਮੋਰਚੇ ‘ਤੇ ਪੁਲਿਸ ਵੱਲੋਂ ਕੀਤੀ ਗਈ ਬਦਸਲੂਕੀ ਨੂੰ ਲੈ ਕੇ ਪਾਰਟੀ ਆਗੂ ਪੰਜਾਬ ਰਾਜ ਮਹਿਲਾ ਕਮਿਸ਼ਨ ਪਹੁੰਚੀਆਂ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਰਦ ਪੁਲਿਸ ਅਧਿਕਾਰੀਆਂ ਵੱਲੋਂ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਕੀਤੇ ਅਜਿਹੇ ਵਤੀਰੇ ‘ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਆਪ ਦੀਆਂ ਮਹਿਲਾ ਆਗੂਆਂ ਦੇ ਵਫ਼ਦ ਨੇ ਮੰਗਲਵਾਰ ਨੂੰ ਮਨੀਨਾਸ਼ਾ ਗੁਲਾਟੀ ਨੂੰ ਮਿਲਿਆ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਬਦਸਲੂਕੀ ਤੇ ਦੁਰਵਿਹਾਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੋਸ਼ੀ ਪੁਲਿਸ ਕਰਮਚਾਰੀਆਂ ਅਤੇ ਸਿਵਲ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ।
‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨਾਲ ਉਨ੍ਹਾਂ ਦੇ ਦਫਤਰ ਵਿੱਚ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ।
‘ਆਪ’ ਦੇ ਮਹਿਲਾ ਮੋਰਚੇ ਨੇ ਦੋਸ਼ ਲਾਇਆ ਕਿ 25 ਅਗਸਤ ਨੂੰ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ ਨੇ ਪੰਜਾਬ ਅਤੇ ਦੇਸ਼ ਭਰ ਵਿੱਚ ਭਾਜਪਾ ਦੇ ਔਰਤਾਂ ਅਤੇ ਕਿਸਾਨਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਚੰਡੀਗੜ੍ਹ ਵਿੱਚ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਮਹਿਲਾ ਪੁਲਿਸ ਕਰਮਚਾਰੀਆਂ ਦੀ ਬਜਾਏ ਮਰਦ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਸਨ ਅਤੇ ਇਨ੍ਹਾਂ ਕਰਮਚਾਰੀਆਂ ਨੇ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨਾਲ ਬਦਸਲੂਕੀ ਕੀਤੀ।
ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉੱਤੇ ਜਲ ਤੋਪਾਂ ਦੀ ਵਰਤੋਂ ਕੀਤੀ, ਜਿਸ ਨਾਲ ਉਨ੍ਹਾਂ ਦੇ ਕੱਪੜੇ ਫਟੇ ਅਤੇ ਦਰਜਨਾਂ ਵਲੰਟੀਅਰ ਜ਼ਖਮੀ ਹੋ ਗਏ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਚੰਡੀਗੜ੍ਹ ਪੁਲਿਸ ਦਾ ਵਤੀਰਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ATM ਨੂੰ ਅਚਾਨਕ ਲੱਗੀ ਅੱਗ, ਲੱਖਾਂ ਦਾ ਕੈਸ਼ ਸੜ ਕੇ ਸੁਆਹ
ਪੁਲਿਸ ਅਧਿਕਾਰੀਆਂ ਨੇ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਬਦਸਲੂਕੀ ਕੀਤੀ, ਜੋ ਕਿ ਕਾਨੂੰਨੀ ਅਤੇ ਨੈਤਿਕ ਤੌਰ ‘ਤੇ ਗਲਤ ਹੈ। ਪੁਲਿਸ ਕਰਮਚਾਰੀਆਂ ਨੇ ਬਜ਼ੁਰਗ ਪ੍ਰਦਰਸ਼ਨਕਾਰੀਆਂ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ‘ਤੇ ਵੀ ਲਾਠੀਚਾਰਜ ਕੀਤਾ। ਇਸ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖਲ ਦੀ ਮੰਗ ਕੀਤੀ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਡਿਊਟੀ ‘ਤੇ ਤਾਇਨਾਤ ਸਰਕਾਰੀ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਦੀ ਅਪੀਲ ਕੀਤੀ।