Chief Minister inaugurates ‘Virtual’ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਗ ਵੱਲੋਂ ਅੱਜ ਅਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਹੋਏ ਇਕ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦੇ ਵਰਚੁਅਲ ਉਦਘਾਟਨ ਦਾ ਐਲਾਨ ਕੀਤਾ ਗਿਆ। ਇਨ੍ਹਾਂ ਪ੍ਰਾਜੈਕਟਾਂ ਵਿਚ ਇਕ 66 ਕੇ.ਵੀ. ਸਬ ਸਟੇਸ਼ਨ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਦੀ ਉਸਾਰੀ ਸ਼ਾਮਲ ਹੈ। ਦੱਸਣਯੋਗ ਹੈ ਕਿ 66 ਕੇ.ਵੀ. ਸਬ ਸਟੇਸ਼ਨ-1 ਸੈਕਟਰ 82 ਦੀ ਆਈ.ਟੀ. ਸਿਟੀ ਮੁਹਾਲੀ-2 ਵਿਖੇ ਸਥਾਪਤ ਕੀਤਾ ਜਾਵੇਗਾ ਜਦੋਂ ਕਿ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਸੈਕਟਰ 81 ਦੀ ‘ਨਾਲੇਜ ਸਿਟੀ’ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਹੈ। ਇਸ ਇਮਾਰਤ ਦੀ ਉਸਾਰੀ ਹਾਲ ਹੀ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਬੇਸਮੈਂਟ ਉਤੇ ਕੰਮ ਚੱਲ ਰਿਹਾ ਹੈ।
ਕੈਪਟਨ ਨੇ ਇਸ ਦੌਰਾਨ ਕਿਹਾ ਕਿ ਇਹ ਦਿਹਾੜਾ ਇਕ ਇਤਿਹਾਸ ਦਾ ਬਹੁਤ ਵੱਡਾ ਦਿਨ ਹੈ। ਅੱਜ ਦੇ ਦਿਨ ਅਸੀਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਦੇਸ ਨੂੰ ਅਜ਼ਾਦੀ ਦਿਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਨਿਭਾਉਣ ਵਾਲੇ ਲੋਕਾਂ ਨੂੰ 26 ਜਨਵਰੀ 2021 ਵਾਲੇ ਦਿਨ ਸੂਬਾ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕੋਵਿਡ-19 ਸੰਕਟ ਦੌਰਾਨ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਦਾ ਜ਼ਿਕਰ ਕੀਤਾ ਗਿਆ, ਜਿਨ੍ਹਾਂ ਨੇ ਸੀਮਤ ਜ਼ੋਨਾਂ/ਉਚ ਖਤਰੇ ਵਾਲੇ ਜ਼ੋਨਾਂ ਵਿੱਚ ਨਿੱਜੀ ਤੌਰ ‘ਤੇ ਜਾ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਇਸ ਸਭ ਦੇ ਇਸ ਦੇ ਬਾਵਜੂਦ ਕਿ ਉਹ ਲਿਊਕੇਮੀਆ ਨਾਲ ਜੂਝ ਰਹੇ ਹਨ। ਉਸ ਤੋਂ ਇਲਾਵਾ ਉਨ੍ਹਾਂ ਜ਼ਿਲਾ ਐਪੀਡਿਮੌਲੋਸਟ ਡਾ. ਹਰਮਨਦੀਪ ਕੌਰ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।