ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਸੂਬੇ ਭਰ ‘ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਵਾਲੀਆਂ ਥਾਵਾਂ ‘ਤੇ ਵਿਰਾਸਤੀ ਕੂੜਾ ਕਰਕਟ ਦੇ ਨਿਪਟਾਰੇ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਗਭਗ 3.54 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਨਕੋਦਰ ਕੱਪੜਾ ਵਪਾਰੀ ਕਤਲਕਾਂਡ ਦੀ ਗੁੱਥੀ ਸੁਲਝੀ, DGP ਨੇ ਕੀਤੇ ਅਹਿਮ ਖੁਲਾਸੇ
ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਕੰਮ ਲਈ ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਸ ਟੈਂਡਰ ਵਿੱਚ ਕੋਈ ਸੋਧ ਕਰਨ ਦੀ ਲੋੜ ਹੈ ਤਾਂ ਇਸ ਦਾ ਵੇਰਵਾ ਇਸ ਵੈੱਬਸਾਈਟ ‘ਤੇ ਉਪਲਬਧ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਪੂਰੇ ਯਤਨ ਕਰ ਰਹੀ ਹੈ। ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: