ਚੰਡੀਗੜ੍ਹ : ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਉਨ੍ਹਾਂ ਨੂੰ ਸੱਦਾ ਨਾ ਦੇ ਕੇ ਦੇਸ਼ ਦੇ ਰਾਸ਼ਟਰਪਤੀ ਦੇ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਸੈਸ਼ਨ ਬੁਲਾਇਆ ਜਾਂਦਾ ਹੈ ਤਾਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਤ੍ਰਾਸਦੀ ਹੈ ਕਿ ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਵੀ ਸੱਦਾ ਨਹੀਂ ਦਿੱਤਾ ਗਿਆ ਹੈ। ਇਹ ‘ਸੰਵਿਧਾਨ ਦਾ ਮਜ਼ਾਕ’ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਇੱਛਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਵਰਗੇ ਦੂਰਅੰਦੇਸ਼ੀ ਨੇਤਾ ਦੁਆਰਾ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਨੇ ਲੋਕਤੰਤਰ ਨੂੰ ਸਫਲਤਾਪੂਰਵਕ ਕੰਮ ਕਰਨ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਕਦਰਾਂ-ਕੀਮਤਾਂ ਨੂੰ ਨਿਸ਼ਚਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਡੂੰਘੀਆਂ ਜੜ੍ਹਾਂ ਵਾਲੀਆਂ ਸਾਜ਼ਿਸ਼ਾਂ ਦੇ ਹਿੱਸੇ ਵਜੋਂ, ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਅਜਿਹੀਆਂ ਕੋਝੀਆਂ ਚਾਲਾਂ ਵਿੱਚ ਉਲਝ ਕੇ ਸੰਵਿਧਾਨ ਦੇ ਨਿਰਮਾਤਾਵਾਂ ਦਾ ਘੋਰ ਨਿਰਾਦਰ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਅਜਿਹੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਸੱਤਾ ਵਿਚ ਪਾਗਲ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਖੇਚਲ ਵੀ ਨਾ ਕੀਤੀ ਹੋਵੇ।
ਇਹ ਵੀ ਪੜ੍ਹੋ : ਮੰਦਭਾਗੀ ਖਬਰ : 6 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਇਸ ਲਈ, ਉਨ੍ਹਾਂ ਕਿਹਾ ਕਿ ਉਹ ਇਸ ਸਮਾਗਮ ਦਾ ਬਾਈਕਾਟ ਕਰਨਗੇ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਭਾਰਤ ਦੇ ਰਾਸ਼ਟਰਪਤੀ ਇਸ ਨਵੀਂ ਸੰਸਦ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਤਾਂ ਉਨ੍ਹਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਪਸੰਦ ਹੁੰਦਾ।
ਵੀਡੀਓ ਲਈ ਕਲਿੱਕ ਕਰੋ -: