ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਪੰਜਾਬ ਦੀ ਪੂਰੀ ਜ਼ਿੰਮੇਵਾਰੀ ਹੋਵੇਗੀ। ਪਰ ਹਾਈਕਮਾਨ ਨੇ ਸਿੱਧੂ ਨੂੰ ਝਟਕਾ ਦਿੰਦੇ ਹੋਏ ਪੰਜਾਬ ਦੀ ਵੱਡੀ ਜ਼ਿੰਮੇਵਾਰੀ ਤੋਂ ਲਾਂਭੇ ਕਰ ਦਿੱਤਾ ਹੈ।
ਦਰਅਸਲ ਕਾਂਗਰਸ ਹਾਈਕਮਾਨ ਨੇ ਹੁਣ ਪੰਜਾਬ ਚੋਣਾਂ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪ ਦਿੱਤੀ ਹੈ। ਕਾਂਗਰਸ ਹਾਈਕਮਾਨ ਦੇ ਇਸ ਫੈਸਲੇ ਤੋਂ ਬਾਅਦ ਚੰਨੀ ਨੇ ਆਪੋ-ਆਪਣੇ ਹਲਕਿਆਂ ‘ਚ ਸਥਿਤੀ ਦਾ ਜਾਇਜ਼ਾ ਲੈਣ ਲਈ ਕਾਂਗਰਸੀ ਵਿਧਾਇਕਾਂ ਨਾਲ ਵਨ-ਟੂ-ਵਨ ਮੀਟਿੰਗਾਂ ਵੀ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਕਾਂਗਰਸ ਆਗੂ ਰਾਹੁਲ ਗਾਂਧੀ ਪਿਛਲੇ ਦਿਨੀਂ ਵਾਪਰੀਆਂ ਘਟਨਾਵਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੋਂ ਨਾਰਾਜ਼ ਹਨ।
ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਵੀਰਵਾਰ ਨੂੰ ਚੰਨੀ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਨਾਲ ਚੋਣਾਂ ਦੀ ਰਣਨੀਤੀ ‘ਤੇ ਗੱਲਬਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਮੁੜ ਦਿੱਲੀ ਬੁਲਾਇਆ ਗਿਆ। ਇਸ ਮੀਟਿੰਗ ਵਿੱਚ ਪਾਰਟੀ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪਾਰਟੀ ਆਗੂਆਂ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਪੰਜਾਬ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਹੁਣ ਤੱਕ ਸੂਬਾ ਸੰਗਠਨ ਬਣਾਉਣ ਦੀ ਚਰਚਾ ਕਰਦੇ ਰਹੇ ਹਨ ਪਰ ਉਨ੍ਹਾਂ ਨੇ ਇਸ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਹਨ। ਸਿੱਧੂ ਦੇ ਇਸ ਰਵੱਈਏ ਤੋਂ ਕਾਂਗਰਸ ਦੇ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਦੇ ਆਗੂ ਤੇ ਵਰਕਰ ਕਾਫੀ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਿਰ ’ਤੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਹਿਦਾਇਤਾਂ ਦੇਣ ਵਾਲਾ ਕੋਈ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ GVK ਗੋਇੰਦਵਾਲ ਸਾਹਿਬ ਨਾਲ ਬਿਜਲੀ ਖ਼ਰੀਦ ਸਮਝੌਤਾ ਰੱਦ ਕਰਨ ਨੂੰ ਦਿੱਤੀ ਹਰੀ ਝੰਡੀ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਈਕਮਾਨ ਨੇ ਹੁਣ ਚੰਨੀ ਨੂੰ ਪਾਰਟੀ ਲਈ ਰੋਡਮੈਪ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਚੋਣਾਂ ‘ਚ ਟੱਕਰ ਦੇਣ ਲਈ ਜਿਸ ਤਰ੍ਹਾਂ ਦੇ ਬਿਆਨ ਦਿੱਤੇ ਹਨ, ਉਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੂੰ ਲੱਗ ਰਿਹਾ ਹੈ ਕਿ ਕੈਪਟਨ ਪੰਜਾਬ ‘ਚ ਉਨ੍ਹਾਂ ਦਾ ਵੱਡਾ ਨੁਕਸਾਨ ਕਰ ਸਕਦੇ ਹਨ।
ਕਾਂਗਰਸੀ ਆਗੂਆਂ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਹੈ ਕਿ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਭਾਵੇਂ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਕਮਾਨ ਨਾ ਬਣਾ ਸਕੇ ਪਰ ਕਾਂਗਰਸ ਦੇ ਵੋਟਰਾਂ ‘ਤੇ ਸੰਨ੍ਹ ਜ਼ਰੂਰ ਲਾਏਗੀ।