ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਐਲਾਨਿਆ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸੁਰਿੰਦਰ ਡਾਵਰ, ਸੰਜੇ ਤਲਵਾੜ ਅਤੇ ਕੁਲਦੀਪ ਸਿੰਘ ਵੈਦ ਅਤੇ ਕਈ ਹੋਰਨਾਂ ਦੇ ਨਾਲ ਮੁੱਖ ਮੰਤਰੀ ਨੇ ਅੱਜ ਰੱਥ ਯਾਤਰਾ ‘ਤੇ ਮੱਥਾ ਟੇਕਿਆ।
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸਕਾਨ ਟੈਂਪਲ ਲੁਧਿਆਣਾ ਲਈ 2.51 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਆਪਣੇ ਇੱਕ ਅਨੁਭਵ ਨੂੰ ਮੁੱਖ ਮੰਤਰੀ ਨੇ ਸਾਂਝਾ ਕਰਦਿਆਂ ਕਿਹਾ ਕਿ ਜਦੋਂ ਉਹ ਲਗਭਗ 25 ਸਾਲ ਪਹਿਲਾਂ ਨਗਰ ਕੌਂਸਲਰ ਬਣੇ ਸਨ ਤਾਂ ਇੱਕ ਨੇਕ ਰੂਹ ਨੇ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਲਈ ਪਵਿੱਤਰ ਭਗਵਦ ਗੀਤਾ ਦਾ ਇੱਕ ਸਲੋਕ ਪੜ੍ਹਨ ਦੀ ਸਲਾਹ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਕਿਤਾਬ ਨੇ ਉਨ੍ਹਾਂ ਦੇ ਜੀਵਨ ਨੂੰ ਸੇਧ ਦਿੱਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਭਗਵਦ ਗੀਤਾ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਅਤੇ ਆਪਣੇ ਜੀਵਨ ਵਿੱਚ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਕੋਈ ਇਨ੍ਹਾਂ ਸਲੋਕਾਂ ਵਿੱਚੋਂ ਕਿਸੇ ਇੱਕ ਨੂੰ ਧਾਰਨ ਕਰ ਸਕਦਾ ਹੈ, ਤਾਂ ਇਹ ਜੀਵਨ ਵਿੱਚ ਸਫ਼ਲ ਹੋਣ ਲਈ ਕਾਫ਼ੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ 20 ਏਕੜ ਜ਼ਮੀਨ ‘ਤੇ ਸ੍ਰੀ ਭਗਵਦ ਗੀਤਾ ਅਤੇ ਰਾਮਾਇਣ ਖੋਜ ਕੇਂਦਰ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਪ੍ਰੇਰਨਾ ਦਾ ਸਭ ਤੋਂ ਵੱਡਾ ਸਰੋਤ ਹਨ ਜੋ ਸਾਨੂੰ ਸਾਡੇ ਜੀਵਨ ਦੀ ਬਿਹਤਰੀ ਵੱਲ ਸੇਧ ਦਿੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਉਨ੍ਹਾਂ ਕਿਹਾ ਕਿ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਕੱਢੀ ਜਾ ਰਹੀ ਇਸ ਰੱਥ ਯਾਤਰਾ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਪੀ.ਐਮ.ਆਈ.ਡੀ.ਬੀ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।