ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਪੀਏਯੂ ਮੈਦਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਨਸ਼ਿਆਂ ਵਿਰੁੱਧ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ 20 ਹਾਜ਼ਰ ਤੋਂ ਵੱਧ ਹਰ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਰਹੇ ਹਨ।
ਸਾਈਕਲ ਰੈਲੀ ਲਈ ਕੀਤੇ ਗਏ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵੀ ਸੀ ਸਤਵੀਰ ਸਿੰਘ ਗੌਸਲ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਗੋਗੀ ਹਾਜ਼ਰ ਸਨ। ਇਸ ਮੌਕੇ ਤੇ CM ਮਾਨ ਦੇ ਕਹਿਣ ਤੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਮੇਰਾ ਦੇਸ਼ ਹੋਵੇ ਪੰਜਾਬ ਗੀਤ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਹਾਕੀ ਟੀਮ ਦੇ ਸਾਰੇ 10 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ, ਉਨ੍ਹਾਂ ਨੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ 8 ਲੱਖ ਰੁਪਏ ਦਿੱਤੇ ਗਏ ਤਾਂ ਕਿ ਖੇਡਾਂ ਦਾ ਸਾਮਾਨ ਲਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਰ ਸਾਲ 2200 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 16 ਸਾਲਾਂ ਬਾਅਦ ਪੰਜਾਬ ‘ਚ 1000 ਫੁੱਟ ਹੇਠਾਂ ਮਿਲੇਗਾ ਪਾਣੀ, ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ‘ਚ ਖੁਲਾਸਾ
ਸਮਾਗਮ ਨੂੰ ਸੰਬੋਧਨ ਕਰਦੇ ਹੋਏ CM ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਪੁੱਜਣ ਵਾਲਿਆਂ ਸਾਰਿਆਂ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਨਸ਼ਿਆਂ ਦੇ ਅਲਾਮਤ ਦੇ ਖਿਲਾਫ ਲੜਾਈ ਲੜਨੀ ਚਾਹੀਦੀ ਹੈ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਮਿਲ ਕੇ ਜਿਸ ਅਲਾਮਤ ਦੇ ਖਿਲਾਫ ਲੜਦੇ ਹਨ ਉਸਨੂੰ ਜੜੋਂ ਖਤਮ ਕਰਦੇ ਹਨ।
ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਨੂੰ ਇਕੱਠੇ ਹੰਬਲ ਮਾਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਮੂਹਿਕ ਯਤਨਾਂ ਨਾਲ ਹੀ ਜਿੱਤਿਆ ਜਾ ਸਕਦਾ ਹੈ। ਇਸ ਲਈ ਇਹ ਰੈਲੀ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗੀ।
ਵੀਡੀਓ ਲਈ ਕਲਿੱਕ ਕਰੋ : –