ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਕਾਰੀ ਪ੍ਰੋਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਗਲੋਬਲ ਟੈਂਡਰ ਮੰਗਣ ਦੇ ਨਿਰਦੇਸ਼ ਦਿੱਤੇ ਹਨ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਵਿਭਾਗ ਨੂੰ ਕਿਹਾ ਕਿ ਉਹ 500 ਕਰੋੜ ਰੁਪਏ ਦੀ ਲਾਗਤ ਨਾਲ 40 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਸ਼ਾਨਦਾਰ ਪ੍ਰਾਜੈਕਟ ਦੇ ਨਿਰਮਾਣ ਲਈ ਵਿਸ਼ਵ ਪ੍ਰਸਿੱਧ ਆਰਕੀਟੈਕਟਾਂ ਨੂੰ ਸ਼ਾਮਲ ਕਰਨ।
ਇਸ ਮੌਕੇ ਮੁੱਖ ਮੰਤਰੀ ਨੇ ਆਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਇਕ ਹੋਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੈਰ ਸਪਾਟਾ ਵਿਭਾਗ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਨ ਵਾਲੀ ਭਾਈ ਜੈਤਾ ਜੀ ਯਾਦਗਾਰ ਨੂੰ ਦਸੰਬਰ 2022 ਤੱਕ ਸਕਾਰਾਤਮਕ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਵਿਭਾਗ ਨੂੰ ਸਮਰੱਥ ਅਥਾਰਟੀ ਦੁਆਰਾ ਪ੍ਰਵਾਨਿਤ ਨਿਰਧਾਰਿਤ ਵਿਸ਼ੇਸ਼ਤਾਵਾਂ ਅਨੁਸਾਰ ਇਸ ਵੱਕਾਰੀ ਪ੍ਰੋਜੈਕਟ ਦੇ ਮਿਆਰੀ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ, ਜੋ ਕਿ ਵਿਰਾਸਤ-ਏ-ਖਾਲਸਾ ਦੇ ਕੰਪਲੈਕਸ ਵਿੱਚ ਪੰਜ ਏਕੜ ਰਕਬੇ ਵਿੱਚ 13 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਬਹਾਦਰ ਸਿੱਖ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਲੂ ਸਿੱਖ ਸਨ, ਜੋ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਕੱਟਿਆ ਹੋਇਆ ਸੀਸ (ਸੀਸ) ਚਾਂਦਨੀ ਚੌਕ, ਦਿੱਲੀ ਤੋਂ ਲੈ ਕੇ ਆਏ ਸਨ।
ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਅਥਾਰਟੀ ਅਧੀਨ ਚੱਲ ਰਹੇ ਸਾਰੇ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਲਈ ਆਖਿਆ ਹੈ ਤਾਂ ਜੋ ਅੰਮ੍ਰਿਤਸਰ ਨੂੰ ਵਿਸ਼ਵ ਸੈਰ-ਸਪਾਟਾ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।