ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਭਾਰੀ ਮੀਂਹ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਵੀਰਵਾਰ ਨੂੰ ਸੂਬਾ ਸਰਕਾਰ ਵੱਲੋਂ ਆਪਣੇ ਪਹਿਲੇ ਦਿਨ 40 ਕਰੋੜ ਰੁਪਏ ਵੰਡ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਅਤੇ ਘਰਾਂ ਦੇ ਨੁਕਸਾਨ ਲਈ ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ।
ਇਸ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਆਪਕ ਪੱਧਰ ਉਤੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਗਿਰਦਾਵਰੀ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਅੱਜ ਮਿੱਥੇ ਸਮੇਂ ਤੋਂ ਪਹਿਲਾਂ ਇਸ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਇੱਕੋ-ਇੱਕ ਉਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਹੈ ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਮੁਆਵਾਜ਼ਾ ਰਾਸ਼ੀ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਜੇਕਰ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਵੀ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਘਰਾਂ ਦੇ ਥੋੜ੍ਹੇ-ਬਹੁਤ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਨਕੀਰਤ ਔਲਖ ਦੀ ਰੇਕੀ! ਸ਼ੱਕੀ ਨੌਜਵਾਨਾਂ ਨੇ ਗੱਡੀ ਦਾ ਕੀਤਾ ਪਿੱਛਾ, ਸਿੰਗਰ ਨੂੰ ਮਿਲ ਚੁੱਕੀ ਏ ਧਮਕੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਰਾਬੀ ਦੇ 20 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਫਸਲਾਂ ਖੇਤਾਂ ਵਿੱਚ ਖੜ੍ਹੀਆਂ ਹਨ ਪਰ ਮੁਆਵਜ਼ਾ ਬੈਂਕ ਖਾਤਿਆਂ ਵਿੱਚ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਬੇਸਹਾਰਾ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਲਈ ਕੇਂਦਰ ਨੂੰ ਮੁਆਵਜ਼ਾ ਦੇਣ ਵਾਸਤੇ ਮਿੰਨਤਾਂ ਕਰਨ ਦੀ ਬਜਾਏ ਕਣਕ ਦੇ ਟੁੱਟੇ ਤੇ ਸੁੰਗੜੇ ਦਾਣਿਆਂ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਜਾ ਰਹੀ ਕਟੌਤੀ ਕਾਰਨ ਕਿਸਾਨਾਂ ‘ਤੇ ਪਏ ਆਰਥਿਕ ਬੋਝ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ।
ਸੀ.ਐੱਮ. ਮਾਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਅਨਾਜ ਭੰਡਾਰ ਲਈ ਕਣਕ ਅਤੇ ਝੋਨੇ ਦੇ ਰੂਪ ਵਿੱਚ ਸਾਥੋਂ ਅਨਾਜ ਦੀ ਸਪਲਾਈ ਦੀ ਮੰਗ ਕਰੇਗਾ ਤਾਂ ਕਿਸਾਨਾਂ ‘ਤੇ ਲਗਾਏ ਗਏ ਕੱਟ ਦਾ ਇੱਕ-ਇੱਕ ਪੈਸਾ ਕੇਂਦਰ ਤੋਂ ਵਿਆਜ ਸਣੇ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: