ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਦਿੱਲੀ ਦੌਰੇ ‘ਤੇ ਹਨ। ਪਹਿਲਾਂ ਉਨ੍ਹਾਂ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨਾਲ ਉਥੋਂ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਊਰਜਾ ਮੰਤਰੀ ਆਰ. ਕੇ. ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਪੰਜਾਬ ਵਿਚ ਬਿਜਲੀ ਤੇ ਕੋਲਾ ਸੰਕਟ ਬਾਰੇ ਗੱਲਬਾਤ ਕੀਤੀ।
CM ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ.ਸਿੰਘ ਨੂੰ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਵਿੱਚ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ ਤੇ ਪੰਜਾਬ ਨੂੰ ਨਿਰਵਿਘਨ ਅਤੇ ਨਿਯਮਿਤ ਸਪਲਾਈ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।
ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਝੋਨਾ ਉਗਾ ਕੇ ਰਾਸ਼ਟਰੀ ਖੁਰਾਕ ਕਿੱਟੀ ਵਿੱਚ ਯੋਗਦਾਨ ਪਾਉਣ ਲਈ ਵਾਧੂ ਬਿਜਲੀ ਦੀ ਲੋੜ ਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਉਪਰਾਲੇ ਜਲਦੀ ਹੀ ਸਾਕਾਰ ਹੋਣਗੇ।
ਇਹ ਵੀ ਪੜ੍ਹੋ : ਪੰਚਾਇਤ ਮੰਤਰੀ ਧਾਲੀਵਾਲ ਦਾ ਵੱਡਾ ਐਕਸ਼ਨ, ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਦੀ ਜਾਂਚ ਦੇ ਦਿੱਤੇ ਹੁਕਮ
ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਪੰਜਾਬ ਭਵਨ ਦੇ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜ਼ਰ ਸਨ।