ਫਰੀਦਕੋਟ ਵਿਚ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਦੀ ਹੱਤਿਆ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਸਣੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਇਸ ਮੀਟਿੰਗ ਵਿਚ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਸੰਦੀਪ ਸਿੰਘ ਦੀ ਹੱਤਿਆ ਮਾਮਲੇ ਨੂੰ ਜਲਦ ਤੋਂ ਜਲਦ ਸੁਲਝਾਉਣ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਇਸ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕਰਨ ਤੇ ਨਿਰਪੱਖ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਅਪਰਾਧਕ ਘਟਨਾ ਨੂੰ ਜਾਤੀ ਧਰਮ ਦੀ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ। ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। CM ਮਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਾਡਾ ਭਾਈਚਾਰਾ, ਸੰਪਰਦਾਇਕ ਸਦਭਾਵਨਾ, ਆਪਸੀ ਪਿਆਰ ਤੇ ਮਜ਼ਬੂਤ ਏਕਤਾ ਨੂੰ ਸੱਟ ਪਹੁੰਚਾਉਣ ਦੀ ਘਟੀਆ ਚਾਲ ਚੱਲੀ ਜਾ ਰਹੀ ਹੈ ਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਹਰ ਹਾਲਤ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਦੇ ਹੋਏ ਦੁਸ਼ਮਣਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਥਾਂ-ਥਾਂ ਨਾਕਾਬੰਦੀ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਲਾਇਸੈਂਸਸ਼ੁਦਾ ਹਥਿਆਰਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਤਾਂ ਜੋ ਅਪਰਾਧਿਕ ਗਤੀਵਿਧੀਆਂ ਵਿੱਚ ਹਥਿਆਰਾਂ ਦੀ ਵਰਤੋਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : ਲੁਧਿਆਣਾ ਬੈਂਕ ਗਬਨ ਮਾਮਲੇ ‘ਚ CBI ਨੇ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, ਮਿਲਿਆ 7 ਦਿਨਾਂ ਦਾ ਰਿਮਾਂਡ
ਮੁੱਖ ਮੰਤਰੀ ਮਾਨ ਨੇ ਪੁਲਿਸ ਮੁਖੀ ਨੂੰ ਪੁਲਿਸ ਮੁਲਾਜ਼ਮਾਂ ਨੂੰ ਆਧੁਨਿਕ ਸਿਖਲਾਈ ਦੇਣ ਦੇ ਹੁਕਮ ਦਿੱਤੇ ਹਨ ਤਾਂ ਜੋ ਫੋਰਸ ਹਾਈਟੈਕ ਬਣ ਸਕੇ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਵਿੱਚ ਪੰਜਾਬ ਪੁਲਿਸ ਦੀ ਕਾਰਵਾਈ ਸ਼ਲਾਘਾਯੋਗ ਰਹੀ ਹੈ ਅਤੇ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸੰਵੇਦਨਸ਼ੀਲ ਮਾਮਲਿਆਂ ਨੂੰ ਪੇਸ਼ੇਵਰਤਾ ਅਤੇ ਸੂਝ-ਬੂਝ ਨਾਲ ਹੱਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਵਿੱਚ ਕੁੜੱਤਣ ਪੈਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਪੁਲਿਸ ਸਖ਼ਤੀ ਨਾਲ ਨਜਿੱਠੇਗੀ।
ਵੀਡੀਓ ਲਈ ਕਲਿੱਕ ਕਰੋ -: