ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨਾਲ ਮੀਟਿੰਗ ਕਰਕੇ ਆਪੋ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਅਤੇ ਪੈਂਡਿੰਗ ਪਏ ਵਿਕਾਸ ਕਾਰਜਾਂ ਦਾ ਬਲਿਊ-ਪ੍ਰਿੰਟ ਤਿਆਰ ਕਰਨ ਲਈ ਕਿਹਾ ਹੈ, ਤਾਂ ਜੋ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਸਮੱਸਿਆਵਾਂ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾ ਸਕੇ ਅਤੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਸਕਣ।
ਸੀ.ਐੱਮ. ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ‘ਚ ‘ਆਪ’ ਦੇ ਵਿਧਾਇਕਾਂ ਨਾਲ ਵਨ-ਟੂ-ਵਨ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਸਰਕਲਾਂ ਅਤੇ ਉਨ੍ਹਾਂ ਨੂੰ ਕੰਮ ‘ਚ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ।
ਸੂਤਰਾਂ ਮੁਤਾਬਕ ਮੀਟਿੰਗ ਵਿੱਚ ਸ਼ਾਮਲ ਹੋਏ ਕੁਝ ਵਿਧਾਇਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਹਲਕਿਆਂ ਦੀਆਂ ਅਜਿਹੀਆਂ ਸਮੱਸਿਆਵਾਂ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਬਹੁਤ ਜ਼ਰੂਰੀ ਹੋ ਚੁੱਕਾ ਹੈ। ਇਸ ਦੇ ਨਾਲ ਹੀ ਵਿਧਾਇਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਹਲਕਿਆਂ ਵਿੱਚ ਸਾਲਾਂ ਤੋਂ ਲਟਕਦੇ ਕਈ ਵਿਕਾਸ ਕਾਰਜਾਂ ਸਬੰਧੀ ਆਮ ਲੋਕ ਉਨ੍ਹਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਅਜਿਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਵੀ ਮੁੱਖ ਮੰਤਰੀ ਦੇ ਸਾਹਮਣੇ ਰੱਖੀ।
ਕੁਝ ਵਿਧਾਇਕਾਂ ਨੇ ਮੁੱਖ ਮੰਤਰੀ ਸਾਹਮਣੇ ਆਪਣੇ ਹਲਕਿਆਂ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਵੀ ਕੀਤਾ ਅਤੇ ਪੁਲਿਸ ਵਾਲਿਆਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਬਾਰੇ ਵੀ ਕਈ ਜਾਣਕਾਰੀਆਂ ਰੱਖਦਿਆਂ ਥਾਣਿਆਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਬਦਲਣ ਦੀ ਮੰਗ ਕੀਤੀ। ਇਸੇ ਤਰ੍ਹਾਂ ਕੁਝ ਵਿਧਾਇਕਾਂ ਨੇ ਵੀ ਮੁੱਖ ਮੰਤਰੀ ਨੂੰ ਸਰਕਾਰੀ ਅਧਿਕਾਰੀਆਂ ਦੀ ਢਿੱਲਮੱਠ ਦੀ ਸ਼ਿਕਾਇਤ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਵਿਧਾਇਕਾਂ ਤੋਂ ਮਿਲੀ ਫੀਡਬੈਕ ਦੇ ਆਧਾਰ ‘ਤੇ ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਬਾਰੇ ਬਲਿਊ-ਪ੍ਰਿੰਟ ਤਿਆਰ ਕਰਨ ਲਈ ਕਿਹਾ ਹੈ, ਜਿਸ ਦੇ ਆਧਾਰ ‘ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਬੁਲਾ ਕੇ ਮੀਟਿੰਗ ਕੀਤੀ ਜਾਵੇਗੀ। ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਣਗੀਆਂ। ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਿੱਖਿਆ, ਸਿਹਤ ਅਤੇ ਲੋਕਲ ਬਾਡੀਜ਼ ਵਿਭਾਗਾਂ ਨੂੰ ਤੇਜ਼ੀ ਨਾਲ ਕੰਮ ਕਰਨ ‘ਤੇ ਵੀ ਜ਼ੋਰ ਦਿੱਤਾ।